ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਐਪ ਖ਼ਾਤਰ ਮਿਲੇਗਾ 2 ਹਜ਼ਾਰ ਰੁਪਏ ਦਾ ਮੋਬਾਈਲ ਡੇਟਾ ਪੈਕੇਜ

Spread the love

ਪੋਸ਼ਣ ਅਭਿਆਨ ਨੂੰ ਪਾਰਦਰਸ਼ਤਾ ਨਾਲ ਲਾਗੂ ਕਰਨਾ ਮੁੱਖ ਮਕਸਦ
ਰਿਚਾ ਨਾਗਪਾਲ , ਪਟਿਆਲਾ, 4 ਜੂਨ 2023
      ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਨੂੰ ਪੂਰ ਚੜ੍ਹਾਉਂਦਿਆਂ ਹਰੇਕ ਆਂਗਣਵਾੜੀ  ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ ਡੇਟਾ ਪੈਕੇਜ ਦੀ ਸਹੂਲਤ ਲਾਗੂ ਕੀਤੀ ਗਈ ਹੈ। ਜਿਸ ਤਹਿਤ ਪਟਿਆਲਾ ਜ਼ਿਲ੍ਹੇ ਦੇ 1829 ਆਂਗਣਵਾੜੀ ਸੈਂਟਰਾਂ ਨੂੰ ਹਰੇਕ ਸਾਲ ਪ੍ਰਤੀ ਸੈਂਟਰ 2000  ਰੁਪਏ ਦੇ ਹਿਸਾਬ ਨਾਲ ਡੇਟਾ ਪੈਕੇਜ ਦਿੱਤਾ ਜਾਵੇਗਾ।
   ਇਹ ਜਾਣਕਾਰੀ ਦਿੰਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੁਮਾਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ  ਦੇ ਰਿਕਾਰਡ ਵਾਸਤੇ ਅਤੇ ਇਸ ਅਭਿਆਨ ਦੇ ਜ਼ਮੀਨੀ ਪੱਧਰ ’ਤੇ ਨਿਰੀਖਣ ਲਈ ਪਿਛਲੇ ਸਮੇਂ ‘ਪੋਸ਼ਣ ਟਰੈਕਰ’ ਮੋਬਾਈਲ ਐਪ ਜਾਰੀ ਕੀਤੀ ਸੀ, ਜਿਸ ਨੂੰ ਚਲਾਉਣ ਵਾਸਤੇ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਡੇਟਾ ਪੈਕੇਜ ਲੋੜੀਂਦਾ ਸੀ ਤਾਂ ਜੋ ਉਨ੍ਹਾਂ ਨੂੰ ਆਪਣੇ ਪੱਲਿਓਂ ਡੇਟਾ ਨਾ ਖ਼ਰਚਣਾ ਪਵੇ।
    ਇਸ ਵਾਸਤੇ ਪੰਜਾਬ ਸਰਕਾਰ ਵੱਲੋਂ ਹਰੇਕ ਆਂਗਣਵਾੜੀ ਕੇਂਦਰ ਲਈ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਡੇਟਾ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ  ਕੇਂਦਰਾਂ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ। ਇਸ ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ’ਤੇ ਅਪਲੋਡ ਕਰ ਸਕਣ ਤੇ ਹੁਣ ਸਮਰਪਿਤ ਡੇਟਾ ਪੈਕੇਜ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਨੂੰ ਆਪਣੇ ਸਮਾਰਟਫ਼ੋਨ ਰਾਹੀਂ ਪੋਸ਼ਨ ਟਰੈਕਰ ਦੀ ਬਿਹਤਰ ਵਰਤੋਂ ਕਰਨ ਦੇ ਯੋਗ ਬਣਾਇਆ ਜਾਵੇਗਾ।


Spread the love
Scroll to Top