‘ਆਈਖੇਤ’ ( iKhet ) ਮੋਬਾਇਲ ਐਪ ਜਰੀਏ ਕਿਰਾਏ ’ਤੇ ਲੈ ਸਕਦੇ ਨੇ ਕਿਸਾਨ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ

Spread the love

ਡਿਪਟੀ ਕਮਿਸ਼ਨਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਉਣ ਦੀ ਹਦਾਇਤ

‘ਆਈਖੇਤ’ (iKhet) ਮੋਬਾਇਲ ਐਪ ਜ਼ਰੀਏ ਕਿਸਾਨ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਕਿਰਾਏ ’ਤੇ ਲੈ ਸਕਦੇ ਹਨ: ਜਤਿੰਦਰ ਜੋਰਵਾਲ

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ ’ਚ ਲਾਲ ਸਿਆਹੀ ਨਾਲ ਕੀਤਾ ਜਾਵੇਗਾ ਇੰਦਰਾਜ: ਡੀ.ਸੀ.


ਹਰਪ੍ਰੀਤ ਕੌਰ , ਸੰਗਰੂਰ, 23 ਸਤੰਬਰ 2022
      ਕਿਸਾਨਾਂ ਵੱਲੋਂ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦੀ ਮਾੜੀ ਪ੍ਰਥਾ ਨੂੰ ਠੱਲ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਨਾਂ ਗਤੀਵਿਧੀਆਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨਾਂ ਕਿਹਾ ਕਿ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਪ੍ਰੇਰਤ ਕੀਤਾ ਜਾਵੇ ਅਤੇ ਜੇਕਰ ਫਿਰ ਵੀ ਕਿਸੇ ਕਿਸਾਨ ਵੱਲੋਂ ਖੇਤਾਂ ’ਚ ਰਹਿੰਦ-ਖੂਹੰਦ ਨੂੰ ਅੱਗ ਲਾਈ ਜਾਂਦੀ ਹੈ ਤਾਂ ਉਸਦੇ ਮਾਲ ਰਿਕਾਰਡ ’ਚ ਲਾਲ ਸਿਆਹੀ ਨਾਲ ਇੰਦਰਾਜ ਯਕੀਨੀ ਬਣਾਇਆ ਜਾਵੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫ਼ਸਲਾਂ ਦੀ ਰਹਿੰਦ-ਖੂਹੰਦ ਸਾੜਨ ਤੋਂ ਕਿਸਾਨਾਂ ਨੂੰ ਵਰਜਣ ਲਈ ਉਨਾਂ ਨੂੰ ਇਸ ਤੋਂ ਵਾਤਾਵਰਨ ਅਤੇ ਖੇਤਾਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਇਸਦੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਦੇ ਕੁਦਰਤੀ ਅਤੇ ਮਸ਼ੀਨਰੀ ਦੀ ਵਰਤੋਂ ਨਾਲ ਯੋਗ ਪ੍ਰਬੰਧਨ ਦੇ ਢੰਗ ਵੀ ਦੱਸੇ ਜਾਣ ਤਾਂ ਜੋ ਉਹ ਇਸਨੂੰ ਬਿਨਾਂ ਸਾੜੇ ਆਪਣੇ ਖੇਤਾਂ ’ਚ ਅਗਲੀ ਫ਼ਸਲ ਦੀ ਬਿਜਾਈ ਕਰ ਸਕਣ। ਉਨਾਂ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਉਣੀ ਯਕੀਨੀ ਬਣਾਈ ਜਾਵੇ।
     ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਦੇ ਯੋਗ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਗਰੁੱਪਾਂ ਅਤੇ ਸਹਿਕਾਰੀ ਸੁਸਾਇਟੀਆਂ ਨੂੰ ਸਬਸਿਡੀ ’ਤੇ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਜਿਸ ਵੀ ਵਰਤੋਂ ਨਾਲ ਕਿਸਾਨ ਝੋਨੇ ਤੋਂ ਬਾਅਦ ਅਗਲੀ ਫ਼ਸਲ ਖੇਤਾਂ ’ਚ ਲਾਏ ਬਿਨਾਂ ਹੀ ਬੀਜ ਸਕਦੇ ਹਨ। ਉਨਾਂ ਕਿਹਾ ਕਿ ਇਸ ਮਸ਼ੀਨਰੀ ’ਚ ਹੈਪੀਸੀਡਰ, ਸੁਪਰਸੀਡਰ, ਮਲਚਰ, ਬੇਲਰ ਆਦਿ ਆਧੁਨਿਕ ਸੰਦ ਸ਼ਾਮਲ ਹਨ ਜਿਨਾਂ ਨੂੰ ਕਿਸਾਨ ਆਪਣੀ ਲੋੜ ਅਨੁਸਾਰ ਕਿਰਾਏ ’ਤੇ ਲੈ ਕੇ ਵੀ ਆਪਣੇ ਖੇਤਾਂ ’ਚ ਵਰਤ ਸਕਦੇ ਹਨ।
     ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਕਿਰਾਏ ’ਤੇ ਉਪਲਬਧ ਕਰਵਾਉਣ ਲਈ ਮੋਬਾਇਲ ਐਪ ‘ਆਈਖੇਤ’ (iKhet) ਵੀ ਬਣਾਈ ਗਈ ਹੈ। ਉਨਾਂ ਕਿਹਾ ਕਿ ਇਸ ਐਪ ਰਾਹੀਂ ਕਿਸਾਨ ਆਪਣੀ ਲੋੜ ਅਨੁਸਾਰ ਨੇੜਲੀ ਸਹਿਕਾਰੀ ਸੁਸਾਇਟੀ ਜਾਂ ਸੈਲਫ਼ ਹੈਲਪ ਗਰੁੱਪ ਜਾਂ ਕਿਸੇ ਦੂਜੇ ਕਿਸਾਨ ਤੋਂ ਲੋੜੀਂਦੀ ਮਸ਼ੀਨ ਕਿਰਾਏ ’ਤੇ ਲੈ ਸਕਦੇ ਹਨ। ਉਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਮਸ਼ੀਨਰੀ ਦਾ ਕਿਰਾਇਆ ਪਹਿਲਾ ਹੀ ਤੈਅ ਕਰ ਦਿੱਤਾ ਗਿਆ ਹੈ।
     ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿ) ਵਰਜੀਤ ਵਾਲੀਆ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਐਸ.ਡੀ.ਐਮ. ਦਿੜਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਬੀ.ਡੀ.ਪੀ.ਓ ਹਾਜ਼ਰ ਸਨ।


Spread the love
Scroll to Top