ਆਹ ਕੱਢੀ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸਾਹਿਤ ਕਰਨ ਦੀ ਸਕੀਮ

Spread the love

ਕਿਸਾਨਾਂ ਨੂੰ ਨਰਮੇ ਦੇ ਬੀਜ ’ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ

ਰਘਵੀਰ ਹੈਪੀ , ਬਰਨਾਲਾ/ਸ਼ਹਿਣਾ, 22 ਮਈ 2023
        ਬਲਾਕ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸ਼ਹਿਣਾ ਵੱਲੋਂ ਪਿੰਡ ਟੱਲੇਵਾਲ ਵਿਖੇ ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਚਰਨ ਸਿੰਘ ਦੀ ਅਗਵਾਈ ਹੇਠ ਕੈਂਪ ਲਗਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਕੇ ਪਾਣੀ ਨੂੰ ਬਚਾਉਣ ਦੀ ਅਪੀਲ ਕੀਤੀ। 
ਇਸ ਸਮੇਂ ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਨਰਮੇ ਦੇ ਬੀਜ ’ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਕਣਕ ਦੀ ਵਾਢੀ ਉਪਰੰਤ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਦੂਸ਼ਿਤ ਹੋਣ ਦੇ ਨਾਲ ਹੀ ਜ਼ਮੀਨ ’ਚ ਪਏ ਖੁਰਾਕੀ ਤੱਤ ਖਾਸ ਕਰਕੇ ਨਾਈਟੋ੍ਜਨ ਤੇ ਗੰਧਕ ਆਦਿ ਗੈਸ ਬਣਕੇ ਹਵਾ ’ਚ ਉੱਡ ਜਾਂਦੇ ਹਨ ਤੇ ਸੂਖਮ ਜੀਵ ਤੇ ਮਿੱਤਰ ਕੀੜੇ ਮਰ ਜਾਂਦੇ ਹਨ। ਇਸ ਨਾਲ ਜਮੀਨ ਦੀ ਉਪਜਾਊ ਸ਼ਕਤੀ ’ਤੇ ਮਾੜਾ ਪ੍ਰਭਾਵ ਪੈਂਦਾ ਹੈ।                                                   
ਬਲਾਕ ਖੇਤੀਬਾੜੀ ਅਫਸਰ ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਖੇਤ ਦੇ ਆਸਪਾਸ ਲੱਗੇ ਦਰੱਖਤ ਅੱਗ ਦੀ ਲਪੇਟ ’ਚ ਆ ਜਾਂਦੇ ਹਨ, ਕਈ ਪਸ਼ੂ ਪੰਛੀ ਵੀ ਅੱਗ ਨਾਲ ਪ੍ਰਭਾਵਿਤ ਹੁੰਦੇ ਹਨ ਤੇ ਮਨੁੱਖਾਂ ਨੂੰ ਖਾਸ ਕਰਕੇ ਗਰਭਵਤੀ ਔਰਤਾਂ ਤੇ ਸਾਹ ਦੀ ਬਿਮਾਰੀ ਵਾਲੇ ਮਰੀਜ਼ਾਂ ਤੇ ਬਜ਼ੁਰਗਾਂ ਨੂੰ ਸਾਹ ਲੈਣ ’ਚ ਤਕਲੀਫ ਹੋਣ ਤੋਂ ਇਲਾਵਾ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤਾਂ ਦੀ ਸਮੱਸਿਆ ਵੀ ਵੱਧ ਜਾਂਦੀ ਹੈ।
     ਏਡੀਓ ਡਾ. ਨਵਜੀਤ ਸਿੰਘ ਪੱਖੋਕੇ ਨੇ ਕਿਸਾਨਾਂ ਨੂੰ ਕਿਹਾ ਕਿ ਕਣਕ ਦੇ ਨਾੜ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਬਜਾਏ ਖੇਤ ’ਚ ਹੀ ਮਿਲਾ ਦਿੱਤਾ ਜਾਵੇ ਤਾਂ ਜ਼ਮੀਨ ’ਚ ਜੈਵਿਕ ਮਾਦਾ ਦੀ ਮਾਤਰਾ ਵਧਦੀ ਹੈ, ਸੂਖਮ ਜੀਵਾਂ ਲਈ ਫਸਲ ਦੀ ਰਹਿੰਦ-ਖੂੰਹਦ ਭੋਜਨ ਬਣਦੀ ਹੈ ਤੇ ਜਮੀਨ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਜਮੀਨ ਦੀ ਪਾਣੀ ਸੋਖਣ ਦੀ ਸਮਰੱਥਾ ਵੀ ਵਧਦੀ ਹੈ ਤੇ ਵਾਤਾਵਰਣ ਵੀ ਸ਼ੁੱਧ ਰਹਿੰਦਾ ਹੈ। ਜਿਸ ਨਾਲ ਸਾਹ ਲੈਣ ’ਚ ਕੋਈ ਵੀ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਂਦੀ। ਉਨ੍ਹਾਂ ਨੇ ਮੁੜ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਵੀਰ ਆਪਣੀ, ਆਪਣੇ ਪਰਿਵਾਰਾਂ ਤੇ ਆਪਣੇ ਸਮਾਜ ਦੀ ਭਲਾਈ ਵਾਸਤੇ ਵਾਤਾਵਰਨ ਨੂੰ ਦੂਸ਼ਤਿ ਹੋਣ ਤੋਂ ਬਚਾਉਣ ਵਾਸਤੇ ਕਣਕ ਦੇ ਨਾੜ ਨੂੰ ਅੱਗ ਨਾਂ ਲਗਾਉਣ ਤੇ ਖੇਤ ਵਿੱਚ ਹੀ ਮਿਲਾਉਣ। ਅਖੀਰ ਵਿੱਚ ਸਹਾਇਕ ਟੈਕਨੋਲਜੀ ਮੈਨਜਰ ਸੁਖਪਾਲ ਸਿੰਘ ਨੇ ਆਏ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ।

Spread the love
Scroll to Top