ਦਾਖ਼ਲਿਆਂ ਦੇ ਮਹਾਂ-ਅਭਿਆਨ ਦੌਰਾਨ ਫ਼ਾਜ਼ਿਲਕਾ ਜ਼ਿਲ੍ਹੇ ‘ਚ ਇੱਕੋ ਦਿਨ ਹੋਏ 6121ਵਿਦਿਆਰਥੀਆਂ ਦੇ ਨਵੇਂ ਦਾਖਲੇ

Spread the love

ਬਲਾਕ ਖੂਈਆਂ ਸਰਵਰ ਨੇ 1317 ਦਾਖਲੇ ਕਰਕੇ ਪੰਜਾਬ ਵਿੱਚੋਂ ਚੌਥਾ  ਸਥਾਨ ਹਾਸਿਲ ਕੀਤਾ

 ਬੀ.ਟੀ.ਐਨ. ਫਾਜਲਿਕਾ , 12 ਮਾਰਚ 2023 
    ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲਾ ਫਾਜ਼ਿਲਕਾ ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ। ਬੀਤੇ ਕੱਲ ਇੱਕੋ ਦਿਨ ਵਿੱਚ ਜ਼ਿਲੇ ਦੇ ਸਕੂਲਾਂ ਵਿੱਚ 6121 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਨੇ 1 ਦਿਨ ਵਿੱਚ 1 ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿਥਿਆ ਸੀ ਜਿਸਦੇ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰ ਨੇ ਘੱਟੋ ਘੱਟ ਇੱਕ-ਇੱਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣਾ ਸੀ।
ਫਾਜ਼ਿਲਕਾ ਦੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਡਾਂ ਸੁਖਵੀਰ ਸਿੰਘ ਬੱਲ ਅਤੇ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਸ੍ਰੀ ਦੌਲਤ ਰਾਮ ਨੇ ਦੱਸਿਆ ਕਿ ਵਿਭਾਗੀ ਟੀਚੇ ਅਨੁਸਾਰ ਜ਼ਿਲੇ ਵਿੱਚ 5640 ਨਵੇਂ ਵਿਦਿਆਰਥੀ ਦਾਖਲ ਕਰਨੇ ਸਨ ਪਰ ਸਮੁੱਚੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਅੰਕੜਾ 6121 ਤੱਕ ਪਹੁੰਚ ਗਿਆ। ਉਹਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਅਧਿਆਪਕ ਵਰਗ ਵਿੱਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ ਵੱਖ ਜ਼ਿਲਾ ਟੀਮਾਂ ਸਮੇਤ ਬਹੁਤ ਸਾਰੇ ਅਧਿਆਪਕਾਂ ਨੇ ਤਾਂ ਸਵੇਰੇ 8 ਵਜੇ ਤੋਂ ਦੇਰ ਰਾਤ ਤੱਕ ਗਲੀ-ਮੁਹੱਲਿਆਂ ਅਤੇ ਸਲੱਮ ਏਰੀਏ ਤੱਕ ਪਹੁੰਚ ਕਰਕੇ ਦਾਖਲੇ ਕੀਤੇ।
ਪ੍ਰਾਪਤ ਵੇਰਵਿਆਂ ਅਨੁਸਾਰ ਫਾਜ਼ਿਲਕਾ ਜ਼ਿਲੇ ਵਿੱਚ ਕੱਲ ਇੱਕੋ ਦਿਨ ਵਿੱਚ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤ ਵਿੱਚ 2472, ਪਹਿਲੀ ਤੋਂ ਪੰਜਵੀਂ ਜਮਾਤ ਵਿੱਚ 685, ਛੇਵੀਂ  ਤੋਂ ਬਾਰਵੀਂ ਜਮਾਤਾਂ ਵਿੱਚ 2964 ਵਿਦਿਆਰਥੀਆਂ ਦੇ ਨਵੇਂ ਦਾਖਲੇ ਹੋਏ।
 ਉੱਪ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ ਅੱਠ ਵਿੱਦਿਅਕ ਬਲਾਕਾਂ ਵਿੱਚ ਦਾਖਲਿਆਂ ਨੂੰ ਲੈ ਕੇ ਤਿਓਹਾਰ ਵਰਗਾ ਮਾਹੌਲ ਬਣਿਆ ਰਿਹਾ। ਬਲਾਕ ਖੂਈਆਂ ਸਰਵਰ ਨੇ ਰਿਕਾਰਡ ਕਾਇਮ ਕਰਦਿਆਂ 1317 ਦਾਖਲੇ ਕਰਕੇ ਪੰਜਾਬ ਵਿੱਚੋਂ ਚੌਥਾ ਸਥਾਨ ਹਾਸਿਲ ਕੀਤਾ।
 ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ ਦੇ ਪ੍ਰਿਸੀਪਲ ਸੁਖਦੇਵ ਸਿੰਘ ਗਿੱਲ ਅਨੁਸਾਰ ਉਹਨਾਂ ਦੇ ਸਕੂਲ ਵਿੱਚ 69 ਨਵੇਂ ਦਾਖਲੇ ਕੀਤੇ ਗਏ।
ਸਰਕਾਰੀ ਪ੍ਰਾਇਮਰੀ ਸਕੂਲ ਖਿਓ ਵਾਲੀ ਢਾਬ ਦੇ ਸੀਐਚਟੀ ਕੁਲਬੀਰ ਸਿੰਘ ਸਮੇਤ ਹੋਰ ਬਹੁਤ ਸਾਰੇ ਅਧਿਆਪਕਾਂ ਨੇ ਇੱਟਾਂ ਦੇ ਭੱਠਿਆਂ ਅਤੇ ਉਦਯੋਗਿਕ ਅਦਾਰਿਆਂ ਤੱਕ ਪਹੁੰਚ ਕਰਕੇ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਕੇ ਦਾਖਲਿਆਂ ਸਬੰਧੀ ਪ੍ਰੇਰਿਤ ਵੀ ਕੀਤਾ।
ਪਿੰਡ ਪੱਕਾ ਚਿਸ਼ਤੀ ਨਿਵਾਸੀ ਜਸਪ੍ਰੀਤ ਸਿੰਘ ਅਨੁਸਾਰ ਸਿੱਖਿਆ ਵਿਭਾਗ ਦੇ ਇਸ ਨਿਵੇਕਲੇ ਉਪਰਾਲੇ ਨੇ ਵਿਦਿਆਰਥੀਆਂ ਦੇ ਸਿਰਫ ਨਵੇਂ ਦਾਖਲੇ ਹੀ ਨਹੀਂ ਕੀਤੇ ਸਗੋਂ ਨਵੀਂ ਰੂਹ ਵੀ ਫੂਕੀ ਹੈ ਜਿਸਦੇ ਬਹੁਤ ਸਾਰਥਕ ਨਤੀਜੇ ਮਿਲਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਦਾਖ਼ਲਾ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਵਾਸਤੇ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਬਾਹਰ ਮੇਨ ਗੇਟ ਤੇ ਦਾਖਲਾ ਬੂਥ ਲਾਉਣ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਜਿੱਥੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਰੋਜ਼ਾਨਾ ਡਿਊਟੀ ਤੇ ਬੈਠੇਗਾ ਅਤੇ ਰਜਿਸਟਰ ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ।


Spread the love
Scroll to Top