ਮਿਲਾਵਟਖੋਰਾਂ ਦੀ ਹੁਣ ਖੈਰ ਨਹੀਂ, ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਤੜਾਮ ਕਸਣ ਦੇ ਹੁਕਮ

Spread the love

ਖਾਧ ਪਦਾਰਥਾਂ ’ਚ ਮਿਲਾਵਟ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਸਿਹਤ ਮੰਤਰੀ

ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਅਧਿਕਾਰੀਆਂ ਨੂੰ ਦੁੱਧ ’ਚ ਮਿਲਾਵਟ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਣ ਦੇ ਹੁਕਮ

ਸਬਸਿਡੀ ਉੱਤੇ ਖੇਤੀ ਮਸ਼ੀਨਰੀ ਲੈ ਕੇ ਮਸ਼ੀਨ ਗਾਇਬ ਕਰਨ ਵਾਲਿਆਂ ਬਾਰੇ ਸਮਾਂਬੱਧ ਰਿਪੋਰਟ ਮੰਗੀ

ਕਿਹਾ, ਉਸਾਰੀ ਦੇ ਕੰਮ ਵਿਚ ਢਿੱਲ ਕਰਨ ਵਾਲੇ ਠੇਕੇਦਾਰਾਂ ਨੂੰ ਬਲੈਕਲਿਸਟ ਕੀਤਾ ਜਾਵੇ

ਸਿਹਤ ਮੰਤਰੀ ਵੱਲੋਂ ਜ਼ਿਲਾ ਬਰਨਾਲਾ ਦੇ ਵਿਕਾਸ ਕਾਰਜਾਂ ਦੀ ਸਮੀਖਿਆ


ਹਰਿੰਦਰ ਨਿੱਕਾ , ਬਰਨਾਲਾ, 29 ਅਗਸਤ 2022
     ਦੁੱਧ ਅਤੇ ਹੋਰ ਖਾਣ ਪੀਣ ਵਾਲੀਆਂ ਵਸਤਾਂ ’ਚ ਮਿਲਾਵਟ ਕਰ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ । ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਸ਼ਬਦ ਸਿਹਤ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇੱਥੇ ਜ਼ਿਲਾ ਪ੍ਰਸ਼ਾਸਨ ਦੀ ਅਹਿਮ ਬੈਠਕ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ.                 ।        ਇਸ ਮੌਕੇ ਸ੍ਰੀ ਜੌੜਾਮਾਜਰਾ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਹਦਾਇਤ ਕੀਤੀ ਕਿ ਸਿਹਤ ਵਿਭਾਗ ਅਜਿਹੇ ਅਨਸਰਾਂ ਖ਼ਿਲਾਫ਼ ਸਖਤੀ ਦਿਖਾਵੇ ਅਤੇ ਵੱਧ ਤੋਂ ਵੱਧ ਸੈਂਪਲ ਭਰੇ ਜਾਣ।  ਉਨਾਂ ਜ਼ਿਲਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਖਾਧ ਪਦਾਰਥਾਂ ਦੇ ਨਮੂਨੇ ਲੈਣ ਦੀ ਮੁਹਿੰਮ ਸਿਰਫ ਤਿਉਹਾਰਾਂ ਦੌਰਾਨ ਨਹੀਂ, ਬਲਕਿ ਸਾਰਾ ਸਾਲ ਚਲਾਈ ਜਾਵੇ। ਉਨਾਂ ਹਦਾਇਤ ਕੀਤੀ ਕਿ ਦੁੱਧ ਅਤੇ ਦੁੱਧ ਨਾਲ ਬਣਨ ਵਾਲੇ ਉਤਪਾਦਾਂ ਦੇ ਨਮੂਨੇ ਫੇਲ ਹੋਣ ’ਤੇ ਨੇਮਾਂ ਅਨੁਸਾਰ ਭਾਰੀ ਜੁਰਮਾਨਾ ਕੀਤਾ ਜਾਵੇ।ਖੇਤੀਬਾੜੀ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀ ਮਸ਼ੀਨਾਂ ਵਿਚੋਂ ਜ਼ਿਲਾ ਬਰਨਾਲਾ ’ਚ 9 ਫ਼ੀਸਦੀ ਮਸ਼ੀਨਾਂ ਕਿਸਾਨਾਂ ਕੋਲ ਮੌਜੂਦ ਨਾ ਹੋਣ ਦੇ ਮਾਮਲੇ ਵਿਚ ਸ੍ਰੀ ਜੌੜਾਮਾਜਰਾ ਨੇ ਹਦਾਇਤ ਕੀਤੀ ਕਿ ਜਿਹੜੇ ਵੀ ਲੋਕ ਇਸ ਧਾਂਦਲੀ ਵਿਚ ਸ਼ਾਮਲ ਹਨ, ਉਨਾਂ ਖ਼ਿਲਾਫ਼ ਕਾਰਵਾਈ ਕਰਦਿਆਂ 15 ਦਿਨਾਂ ਦੇ ਅੰਦਰ ਰਿਪੋਰਟ ਉਨਾਂ ਨੂੰ ਜਮਾਂ ਕਰਵਾਈ ਜਾਵੇ। ਇਸ ਤੋਂ ਇਲਾਵਾ ਗ਼ਲਤ ਉਮਰ ਤੇ ਹੋਰ ਸਬੂਤਾਂ ਦੇ ਆਧਾਰ ਉੱਤੇ ਪੈਨਸਨ ਦਾ ਲਾਭ ਲੈਣ ਵਾਲੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ , ਉਨਾਂ ਕਿਹਾ ਕਿ ਇਸ ਸਬੰਧੀ ਗਲਤ ਸਬੂਤ ਤਿਆਰ ਕਰਨ ਵਾਲੇ ਕਾਮਨ ਸਰਵਿਸ ਸੈਂਟਰਾਂ ’ਤੇ ਸ਼ਿਕੰਜਾ ਕਸਿਆ ਜਾਵੇ। ਉਨਾਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਪੈਨਸ਼ਨ ਸਬੰਧੀ ਲਗਾਏ ਜਾਣ ਵਾਲੇ ਕੈਂਪਾਂ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤਾਂ ਜੋ ਸਰਕਾਰ ਵੱਲੋਂ ਦਿੱਤੀ ਜਾਣ ਵਾਲੀਆਂ ਸੇਵਾਵਾਂ ਦਾ ਲਾਹਾ ਜ਼ਮੀਨੀ ਪੱਧਰ ਤੱਕ ਪਹੁੰਚ ਸਕੇ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵੱਡੇ ਪੱਧਰ ’ਤੇ ਪੌਦੇ ਲਾਏ ਜਾ ਰਹੇ ਹਨ ਅਤੇ ਹੁਣ ਤੱਕ 2 ਲੱਖ ਦੇ ਕਰੀਬ ਪੌਦੇ ਲਾਏ ਜਾ ਚੁੱਕੇ ਹਨ। ਇਸ ਮੌਕੇ ਜ਼ਿਲਾ ਖੇਡ ਅਫਸਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਬਰਨਾਲਾ ਜ਼ਿਲੇ ’ਚ 3000 ਤੋਂ ਵੱਧ ਖਿਡਾਰੀ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।
     ਇਸ ਮੌਕੇ ਜਿਹੜੇ ਠੇਕੇਦਾਰਾਂ ਜਾਂ ਏਜੰਸੀਆਂ ਵੱਲੋਂ ਉਸਾਰੀ ਦੇ ਕੰਮ (ਸਰਕਾਰੀ ਇਮਾਰਤਾਂ, ਸੜਕਾਂ ਅਤੇ ਹੋਰ ਸਰਕਾਰੀ ਉਸਾਰੀ ਦੇ ਕੰਮ) ਸਮਾਂਬੱਧ ਨਹੀਂ ਕੀਤੇ ਜਾ ਰਹੇ, ਉਨਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਬਲੈਕਲਿਸਟ ਕਰਨ ਦੇ ਹੁਕਮ ਸਿਹਤ ਮੰਤਰੀ ਨੇ ਦਿੱਤੇ। ਇਸ ਮੌਕੇ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉਗੋਕੇ, ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ, ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ, ਜ਼ਿਲਾ ਪੁਲੀਸ ਮੁਖੀ ਸੰਦੀਪ ਕੁਮਾਰ ਮਲਿਕ, ਡਿਵੀਜ਼ਨਲ ਜੰਗਲਾਤ ਅਫਸਰ ਡਾ. ਮੋਨਿਕਾ ਦੇਵੀ ਯਾਦਵ,  ਵਧੀਕ ਡਿਪਟੀ ਕਮਿਸਨਰ ਪਰਮਵੀਰ ਸਿੰਘ, ਐੱਸਡੀਐੱਮ ਗੋਪਾਲ ਸਿੰਘ, ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ, ‘ਆਪ’ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਬਾਠ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।    


Spread the love
Scroll to Top