ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨਮੰਤਰੀ ਨੂੰ ਭੇਜੇ ਮੰਗ-ਪੱਤਰ, ਪੰਜਾਬ ਦੇ ਆਗੂ ਲਖੀਮਪੁਰ-ਖੀਰੀ ਪੁੱਜੇ
ਅਨੁਭਵ ਦੂਬੇ , ਚੰਡੀਗੜ੍ਹ 2 ਅਕਤੂਬਰ 2022
ਲਖੀਮਪੁਰ ਖੀਰੀ (ਉੱਤਰ-ਪ੍ਰਦੇਸ਼) ‘ਚ ਪਿਛਲੇ ਵਰ੍ਹੇ ਸ਼ਹੀਦ ਹੋਏ 4 ਕਿਸਾਨਾਂ ਅਤੇ 1 ਪੱਤਰਕਾਰ ਦੀ ਬਰਸੀ ਮੌਕੇ ਸੰਯੁਕਤ ਕਿਸਾਨ ਮੋਰਚਾ ‘ਚ ਸ਼ਾਮਿਲ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਸੂਬੇ ਭਰ ‘ਚ ਜਿਲ੍ਹਾ ਅਤੇ ਤਹਿਸੀਲਦਾਰ ਪੱਧਰ ‘ਤੇ ਰੋਸ-ਪ੍ਰਦਰਸ਼ਨ ਕਰਦਿਆਂ ਪ੍ਰਧਾਨਮੰਤਰੀ ਦੇ ਨਾਂਅ ਮੰਗ-ਪੱਤਰ ਭੇਜੇ ਗਏ। ਸ਼ਹੀਦ ਕਿਸਾਨਾਂ ਨਛੱਤਰ ਸਿੰਘ, ਦਲਜੀਤ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਪੱਤਰਕਾਰ ਰਮਨ ਕਸ਼ਯਪ ਨੂੰ ਕਿਸਾਨਾਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ।ਪ੍ਰਧਾਨ ਮੰਤਰੀ ਦੇ ਨਾਮ ਭੇਜੇ ਸੰਯੁਕਤ ਕਿਸਾਨ ਮੋਰਚੇ ਦੇ ਮੰਗ-ਪੱਤਰ ਰਾਹੀਂ ਮੰਗ ਕੀਤੀ ਕਿ ਲਖੀਮਪੁਰ ਖੀਰੀ ਕਤਲੇਆਮ ਦੇ ਮੁੱਖ ਸਾਜਿਸ਼ਕਾਰ ਅਜੈ ਮਿਸ਼ਰਾ ਟੋਨੀ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਸ ਨੂੰ ਗ੍ਰਿਫਤਾਰ ਕਰ ਕੇ ਜੇਲ ਭੇਜਿਆ ਜਾਵੇ।ਲਖੀਮਪੁਰ ਖੀਰੀ ਕਤਲਕਾਂਡ ਮੌਕੇ ਕਿਸਾਨਾਂ ਤੇ ਪਾਏ ਫਰਜੀ ਕੇਸ ਰੱਦ ਕਰਕੇ ਤੁਰੰਤ ਰਿਹਾ ਕੀਤਾ ਜਾਵੇ। ਸ਼ਹੀਦ ਕਿਸਾਨਾਂ ਅਤੇ ਜਖਮੀਆਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਅਤੇ ਸਰਕਾਰੀ ਨੌਕਰੀ ਦੇਣ ਦਾ ਸਰਕਾਰ ਵਲੋਂ ਕੀਤਾ ਵਾਅਦਾ ਪੂਰਾ ਕੀਤਾ ਜਾਵੇ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਿਰਭੈ ਸਿੰਘ ਢੁੱਡੀਕੇ, ਮਨਜੀਤ ਸਿੰਘ ਧਨੇਰ, , ਡਾ.ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਅਜਨਾਲਾ, ਸਤਨਾਮ ਸਿੰਘ ਬਹਿਰੂ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ,ਮੇਜਰ ਸਿੰਘ ਪੂੰਨਾਵਾਲ, ਅਵਤਾਰ ਸਿੰਘ ਮੇਹਲੋਂ, ਬੂਟਾ ਸਿੰਘ ਸ਼ਾਦੀਪੁਰ, ਫੁਰਮਾਨ ਸਿੰਘ ਸੰਧੂ, ਕੁਲਦੀਪ ਸਿੰਘ ਵਜੀਦਪੁਰ, ਮੁਕੇਸ਼ ਚੰਦਰ, ਜੰਗਵੀਰ ਸਿੰਘ ਚੌਹਾਨ, ਹਰਜੀਤ ਸਿੰਘ ਰਵੀ, ਬਿੰਦਰ ਸਿੰਘ ਗੋਲੇਵਾਲਾ, ਨਛੱਤਰ ਸਿੰਘ, ਵੀਰ ਸਿੰਘ ਬੜਵਾ, ਕਿਰਨਜੀਤ ਸਿੰਘ ਸੇਖੋਂ, ਲਖਵਿੰਦਰ ਸਿੰਘ, ਕੁਲਜਿੰਦਰ ਸਿੰਘ ਘੁੰਮਣ, ਹਰਦੇਵ ਸਿੰਘ ਸੰਧੂ , ਸੁਰਜੀਤ ਸਿੰਘ ਫੂਲ, ਗੁਰਬਖਸ਼ ਸਿੰਘ ਬਰਨਾਲਾ ਅਤੇ ਰਾਜੂ ਔਲਖ ਨੇ ਅੱਜ ਦੇ ਸੰਘਰਸ਼ ਦੀ ਅਗਵਾਈ ਕੀਤੀ।
ਓਧਰ ਯੂਪੀ ‘ਚ ਤਿਕੂੰਨੀਆਂ ਵਿਖੇ ਵਾਪਰੇ ਕਤਲੇਆਮ ਵਿੱਚ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਵੀਰਾਂ ਦੀ ਯਾਦ ਵਿੱਚ ਘਟਨਾ ਸਥਾਨ ਦੇ ਨੇੜੇ ਸਥਿਤ ਗੁਰਦੁਆਰਾ ਕੰਡਾਲਾ ਘਾਟ ਸਾਹਿਬ ਵਿਖੇ ਬਰਸੀ ਸਮਾਗਮ ਵਿੱਚ ਸ਼ਮੂਲੀਅਤ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂ ਬੂਟਾ ਸਿੰਘ ਬੁਰਜਗਿੱਲ, ਰਾਮਿੰਦਰ ਸਿੰਘ ਪਟਿਆਲਾ, ਜਗਮਨਦੀਪ ਸਿੰਘ ਪੜੀ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਕਿਸਾਨ ਆਗੂ ਰਾਕੇਸ਼ ਟਿਕੈਤ, ਬਲਜਿੰਦਰ ਮਾਨ, ਗੁਰਅਮਨੀਤ ਸਿੰਘ ਮਾਂਗਟ ਉੱਤਰਾਖੰਡ ਦੇ ਕਿਸਾਨ ਆਗੂ ਤੇਜਿੰਦਰ ਸਿੰਘ ਵਿਰਕ ਅਤੇ ਜਗਤਾਰ ਸਿੰਘ ਬਾਜਵਾ। ਇਸ ਮੌਕੇ ਸਜੇ ਪੰਡਾਲ ਵਿੱਚ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਦੀ ਸ਼ਮੂਲੀਅਤ ਇਹ ਦੱਸ ਰਹੀ ਹੈ ਕਿ ਲੋਕ ਆਪਣੇ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਦੇ ਅਤੇ ਪ੍ਰੇਰਨਾ ਲੈਂਦੇ ਹਨ। ਜੁੜੇ ਇਕੱਠ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਤਿੰਨ ਆਗੂਆਂ ਰਾਕੇਸ਼ ਟਿਕੈਤ, ਬੂਟਾ ਸਿੰਘ ਬੁਰਜਗਿੱਲ ਅਤੇ ਰਾਮਿੰਦਰ ਸਿੰਘ ਪਟਿਆਲਾ ਨੇ ਸੰਬੋਧਨ ਕੀਤਾ। ਸਮਾਗਮ ਦੌਰਾਨ ਜੇਲ੍ਹ ਵਿੱਚ ਬੰਦ ਨੌਜਵਾਨ ਕਿਸਾਨਾਂ ਦੇ ਪਰਿਵਾਰਾਂ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਆਰਥਿਕ ਸਹਾਇਤਾ ਭੇਟ ਕਰਨ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਆਪਣੀ ਹਾਜ਼ਰੀ ਵੀ ਲਗਵਾਈ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਵਰਣਨਯੋਗ ਹੈ ਕਿ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰ ਖੀਰੀ ਕਾਂਡ ਦਾ ਨਿਆਂ ਲੈਣ ਨਾਲ ਸਬੰਧਤ ਮੰਗਾਂ ਨੂੰ ਲੈਕੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।