ਵਿਧਾਨ ਸਭਾ ਦੇ ਸਮਾਂਤਰ ਮੁਲਾਜ਼ਮਾਂ-ਪੈਨਸ਼ਨਰਾਂ ਦੇ ਸੈਸ਼ਨ ਵਿੱਚ ਅਧਿਆਪਕਾਂ ਵੱਲੋਂ ਭਰਵੀਂ ਸਮੂਲੀਅਤ ਦਾ ਐਲਾਨ

Spread the love

ਪੁਰਾਣੀ ਪੈਨਸ਼ਨ, ਪੇਂਡੂ ਤੇ ਬਾਰਡਰ ਏਰੀਆ ਭੱਤੇ ਅਤੇ ਪੰਜਾਬ ਸਕੇਲ ਬਹਾਲ ਕੀਤੇ ਜਾਣ: ਡੀ.ਟੀ.ਐੱਫ.


ਹਰਪ੍ਰੀਤ ਕੌਰ ਬਬਲੀ, ਸੰਗਰੂਰ, 7 ਮਾਰਚ, 2023
    ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 9- 11 ਮਾਰਚ ਤੱਕ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਮਾਨੰਤਰ ਸ਼ੈਸ਼ਨ ਵਿੱਚ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੀ ਸੂਬਾ ਕਮੇਟੀ ਮੀਟਿੰਗ ਦੇ ਫੈਸਲੇ ਅਨੁਸਾਰ 11 ਮਾਰਚ ਨੂੰ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਝੰਡਿਆਂ ਨਾਲ਼ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਸੂਬਾ ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ, ਸੂਬਾ ਆਗੂਆਂ ਦਲਜੀਤ ਸਫ਼ੀਪੁਰ ਅਤੇ ਮੇਘ ਰਾਜ ਨੇ ਦੱਸਿਆ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ 28 ਫਰਵਰੀ ਨੂੰ ‘ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ’ ਨਾਲ ਤਹਿ ਕੀਤੀ ਗਈ ਮੀਟਿੰਗ ਕਰਨ ਤੋਂ ਭੱਜਣ ਕਾਰਨ ਸਾਂਝੇ ਫਰੰਟ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਸ਼ੈਸ਼ਨ ਦੌਰਾਨ 9-11 ਮਾਰਚ ਤੱਕ ਚੰਡੀਗੜ੍ਹ ਦੇ 17 ਸੈਕਟਰ ਵਿਖੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸਮਾਨੰਤਰ ਸ਼ੈਸ਼ਨ ਸੱਦਿਆ ਗਿਆ ਹੈ, ਜਿਸ ਵਿੱਚ ਸਮੂਹ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਹਕੀਕੀ ਮੁੱਦਿਆਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਵੇਗਾ।
    ਡੀ.ਟੀ.ਐੱਫ. ਸੰਗਰੂਰ ਦੇ ਪ੍ਰਧਾਨ ਸੁਖਵਿੰਦਰ ਗਿਰ, ਜ਼ਿਲ੍ਹਾ ਸਕੱਤਰ ਅਮਨ ਵਸਿਸ਼ਟ ਅਤੇ ਵਿੱਤ ਸਕੱਤਰ ਗੁਰਜੀਤ ਸ਼ਰਮਾ ਨੇ ਕਿਹਾ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਰੋਸਾ ਦਿੱਤਾ ਗਿਆ ਸੀ, ਕਿ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕੀਤੀ ਜਾਵੇਗੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਪਰਖ ਕਾਲ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇਗਾ,17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ‘ਤੇ ਵੀ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣਗੇ ਅਤੇ ਪੇਂਡੂ ਭੱਤਾ, ਸਫਰੀ ਭੱਤਾ ਤੇ ਬਾਰਡਰ ਏਰੀਆ ਭੱਤੇ ਸਮੇਤ ਕੱਟੇ ਗਏ 37 ਕਿਸਮਾਂ ਦੇ ਭੱਤੇ ਅਤੇ ਏ.ਸੀ.ਪੀ. (4-9-14 ਸਾਲਾਂ ਲਾਭ) ਆਦਿ ਬਹਾਲ ਕੀਤੇ ਜਾਣਗੇ, ਪ੍ਰੰਤੂ ਅਜੇ ਤੱਕ ਇਹ ਸਾਰੇ ਮਾਮਲੇ ਜਿਉਂ ਦੇ ਤਿਉਂ ਖੜ੍ਹੇ ਹਨ। ਇਸੇ ਤਰ੍ਹਾਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 01-01-2016 ਤੋਂ ਪੈਨਸ਼ਨਰਾਂ ਲਈ 113% ਡੀ.ਏ. ਦੀ ਬਜਾਏ 119% ਡੀ.ਏ. ਅਨੁਸਾਰ ਪੈਨਸ਼ਨ ਦੁਹਰਾਈ ਕਰਨ ਦੇ ਦਿੱਤੇ ਗਏ ਫੈਸਲੇ ਨੂੰ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਤੇ ਤੁਰੰਤ ਲਾਗੂ ਕਰਨਾ ਚਾਹੀਦਾ ਹੈ ਜਦਕਿ ਸਾਂਝੇ ਫਰੰਟ ਵੱਲੋਂ 01-01-2016 ਨੂੰ 125% ਡੀ.ਏ. ਅਨੁਸਾਰ ਗੁਣਾਂਕ ਤਹਿ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਪਰਖ ਸਮਾਂ ਐਕਟ ਰੱਦ ਕਰਨ ਦਾ ਅਦਾਲਤੀ ਫੈਸਲਾ ਵੀ ਸਮੂਹ ਮੁਲਾਜ਼ਮਾਂ ਤੇ ਲਾਗੂ ਕਰਕੇ ਪਰਖ ਸਮੇਂ ਦੌਰਾਨ ਪੂਰਾ ਤਨਖਾਹ ਸਕੇਲ ਤੇ ਭੱਤੇ ਸਹਿਤ ਬਕਾਏ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ ।

Spread the love
Scroll to Top