ਭਾਸ਼ਾ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੁੜਨ ਲਈ ਕੀਤਾ ਪ੍ਰੇਰਿਤ

Spread the love

ਰਘਵੀਰ ਹੈਪੀ , ਬਰਨਾਲਾ,28 ਫਰਵਰੀ 2023
     ਭਾਸ਼ਾ ਵਿਭਾਗ ਵੱਲੋਂ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਮੈਡਮ ਜਸਪ੍ਰੀਤ ਤਲਵਾੜ ਆਈ.ਏ.ਐੱਸ ਦੀ ਅਗਵਾਈ ਹੇਠ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ.ਵੀਰਪਾਲ ਕੌਰ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਅਤੇ ਮਾਂ ਬੋਲੀ ਪੰਜਾਬੀ ‘ਤੇ ਮਾਣ ਮਹਿਸੂਸ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਅਤੇ ਖੋਜ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਇਹਨਾਂ ਉਪਰਾਲਿਆਂ ਤਹਿਤ ਹੀ ਰੂਬਰੂ ਦੇ ਰੂਪ ਵਿੱਚ ਸਰਕਾਰੀ ਹਾਈ ਸਕੂਲ ਦਰਾਜ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੀਆਂ ਕਵਿਤਾਵਾਂ ਵੀ ਸੁਣਾਈਆਂ ਗਈਆਂ।                                    ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਸਫਲਤਾ ਲਈ ਕੰਮ ਪ੍ਰਤੀ ਲਗਨ ਅਤੇ ਇਕਾਗਰਤਾ ਦੀ ਬੜੀ ਅਹਿਮ ਭੂਮਿਕਾ ਹੈ।ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣਾ ਸਾਰਾ ਧਿਆਨ ਪੜ੍ਹਾਈ ਵੱਲ੍ਹ ਕੇਂਦਰਿਤ ਕਰਕੇ ਬਿਹਤਰੀਨ ਪ੍ਰਾਪਤੀਆਂ ਦਾ ਟੀਚਾ ਮਿਥਣਾ ਚਾਹੀਦਾ ਹੈ।ਉਹਨਾਂ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਬੱਚੇ ਨੂੰ ਸਕੂਲ ਭੇਜਣ ਸਮੇਂ ਸਾਰੇ ਹੀ ਮਾਪੇ ਕਈ ਤਰ੍ਹਾਂ ਦੇ ਸੁਪਨੇ ਵੇਖਦੇ ਹਨ ਅਤੇ ੳੇਹਨਾਂ ਸੁਪਨਿਆਂ ਦੀ ਪੂਰਤੀ ਵਿਦਿਆਰਥੀਆਂ ਦੀ ਜਿੰਮੇਵਾਰੀ ਬਣਦੀ ਹੈ।ਉਹਨਾਂ ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਮਾਪਿਆਂ ਨਾਲ ਵੀ ਰੋਜ਼ਾਨਾ ਗੱਲਬਾਤ ਕਰਨ ਲਈ ਕਿਹਾ।
  ਖੋਜ ਅਫ਼ਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਸਫਲਤਾ ਦੀ ਪ੍ਰਾਪਤੀ ਲਈ ਸਖਤ ਮਿਹਨਤ ਤੋਂ ਸਿਵਾਏ ਹੋਰ ਕੋਈ ਰਸਤਾ ਨਹੀਂ ਹੈ।ਉਹਨਾਂ ਵਿਦਿਆਰਥੀ ਜੀਵਨ ਨੂੰ ਇਨਸਾਨੀ ਜੀਵਨ ਦਾ ਸੁਨਹਿਰੀ ਕਾਲ ਕਹਿੰਦਿਆਂ ਵਿਦਿਆਰਥੀਆਂ ਨੂੰ ਲਗਨ ਅਤੇ ਮਿਹਨਤ ਨਾਲ ਪੜਾਈ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਇਸ ਸਮੇਂ ਦੌਰਾਨ ਕੀਤੀ ਮਿਹਨਤ ਇਨਸਾਨ ਦੀ ਜ਼ਿੰਦਗੀ ਨੂੰ ਬੁਲੰਦੀਆਂ ‘ਤੇ ਪਹੁੰਚਾ ਸਕਦੀ ਹੈ ਅਤੇ ਅਵੇਸਲਾਪਣ ਜੀਵਨ ਦੀ ਚਾਲ ਨੂੰ ਵਿਗਾੜ ਵੀ ਸਕਦਾ ਹੈ।ਉਹਨਾਂ ਵਿਦਿਆਰਥੀਆਂ ਨੂੰ ਸਵੈ-ਵਿਸ਼ਵਾਸ਼ ਪੈਦਾ ਕਰਨ ਲਈ ਵੀ ਪ੍ਰੇਰਿਤ ਕੀਤਾ।ਉਹਨਾਂ ਨੇ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਵਿੱਦਿਅਕ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਵਿੱਚ ਉਤਸ਼ਾਹ ਨਾਲ ਸ਼ਿਰਕਤ ਕਰਨ ਲਈ ਵੀ ਪ੍ਰੇਰਿਤ ਕੀਤਾ।
 ਸਕੂਲ ਮੁਖੀ ਮੈਡਮ ਵਰਸ਼ਾ ਰਾਣੀ ਨੇ ਕਿਹਾ ਕਿ ਭਾਸ਼ਾ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ ਅਤੇ ਪ੍ਰੇਰਨਾ ਉਹਨਾਂ ਨੂੰ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਉਤਸ਼ਾਹਿਤ ਕਰੇਗੀ।ਮੰਚ ਸੰਚਾਲਨ ਮੈਡਮ ਕੁਲਦੀਪ ਰਾਣੀ ਅਤੇ ਹਰਪ੍ਰੀਤ ਕੌਰ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ।ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਅਰੁਣ ਕੁਮਾਰ,ਮੈਡਮ ਸੰਤੋਸ਼ ਦੇਵੀ,ਅਮਨਦੀਪ ਕੌਰ,ਗੁਰਵਿੰਦਰ ਕੌਰ ਅਤੇ ਸ਼ੈਫਾਲੀ ਹਾਜ਼ਰ ਸਨ।

Spread the love
Scroll to Top