ਸੜਕ ਸੰਪਰਕ ਟੁੱਟਣ ਕਾਰਨ ਪ੍ਰਭਾਵਿਤ ਪਿੰਡ ਵਾਸੀਆਂ ਨਾਲ ਡੀ.ਸੀ. ਨੇ ਸਾਧਿਆ ਸੰਪਰਕ ; ਪਿੰਡਾਂ ਵਿਚੋਂ ਬਾਹਰ ਸੁਰੱਖਿਅਤ ਥਾਵਾਂ ‘ਤੇ ਆ ਕੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ

Spread the love

 ਗਗਨ ਹਰਗੁਣ, ਪਟਿਆਲਾ, 12 ਜੁਲਾਈ 2023


       ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅੱਜ ਘੱਗਰ ਦਰਿਆ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲੈਣ ਲਈ ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪੁੱਜੇ, ਜਿਥੇ ਉਨ੍ਹਾਂ ਨੇ ਸੜਕ ਸੰਪਰਕ ਟੁੱਟਣ ਕਾਰਨ ਪ੍ਰਭਾਵਿਤ ਪੰਜ ਪਿੰਡਾਂ ਦਵਾਰਕਾਪੁਰ, ਬਾਦਸ਼ਾਹਪੁਰ, ਰਸੌਲ਼ੀ, ਅਰਨੇਟੂ ਤੇ ਰਾਮਪੁਰਪੜਤਾ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਜ਼ੀ ਰਾਹਤ ਕੈਂਪ ਬਣਾਏ ਗਏ ਹਨ, ਇਸ ਲਈ ਜਦੋਂ ਫ਼ੌਜ ਅਤੇ ਐਨ.ਡੀ.ਆਰ.ਐਫ਼ ਦੀਆਂ ਟੀਮਾਂ ਮੋਟਰ ਬੋਟਸ ਲੈ ਕੇ ਆਉਣ ਤਾਂ ਉਨ੍ਹਾਂ ਦੇ ਨਾਲ ਸੁਰੱਖਿਅਤ ਥਾਂਵਾਂ ‘ਤੇ ਪਹੁੰਚਿਆ ਜਾਵੇ। ਉਨ੍ਹਾਂ ਕਿਹਾ ਕਿ  ਬਾਦਸ਼ਾਹਪੁਰ ਦੀ ਗਰਿੱਡ ਵਿੱਚ ਵੀ ਪਾਣੀ ਭਰ ਗਿਆ ਹੈ, ਇਸ ਲਈ ਬਿਜਲੀ ਦੀ ਸਮੱਸਿਆ ਤੋਂ ਇਲਾਵਾ ਖਾਣ-ਪੀਣ ਦੀਆਂ ਚੀਜ਼ਾਂ ਸਮੇਤ ਪਿੰਡ ਵਾਸੀਆਂ ਨੂੰ ਹੋਰ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਵੀ ਵਧੇਰੇ ਖ਼ਤਰਾ ਰਹਿੰਦਾ ਹੈ, ਇਸ ਲਈ ਆਪ ਅਤੇ ਆਪਣਿਆਂ ਦੀ ਜ਼ਿੰਦਗੀ ਲਈ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾਵੇ।                           
      ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਨੇ ਪੀਣ ਲਈ ਪਾਣੀ ਦੀਆਂ ਬੋਤਲਾਂ, ਦੁੱਧ ਦੇ ਪੈਕਟ ਅਤੇ ਸੁੱਕੇ ਰਾਸ਼ਨ ਦਾ ਪ੍ਰਬੰਧ ਕੀਤਾ ਹੋਇਆ ਹੈ, ਪਰ ਇਸ ਦੇ ਬਾਵਜੂਦ ਪਿੰਡ ਵਾਸੀਆਂ ਦਾ ਇਥੇ ਰਹਿਣਾ ਮੁਸ਼ਕਲਾਂ ਨਾਲ ਭਰਿਆ ਹੋਵੇਗਾ। ਉਨ੍ਹਾਂ ਕਿਹਾ ਕਿ ਘੱਗਰ ਦੇ ਆਖ਼ਰੀ ਪੁਆਇੰਟ ‘ਤੇ ਇਹ ਪਿੰਡ ਵੱਸੇ ਹੋਏ ਹਨ, ਜਿਸ ਕਰਕੇ ਪਾਣੀ ਦੇ ਵਹਾਅ ਨਾਲ ਨੁਕਸਾਨ ਹੋ ਸਕਦਾ ਹੈ।
       ਉਨ੍ਹਾਂ ਲੋਕਾਂ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਲੋਕ ਆਪਣੇ ਘਰਾਂ ਵਿੱਚ ਨਾ ਰੁਕਣ ਬਲਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਅਤ ਥਾਵਾਂ ਦਾ ਇੰਤਜ਼ਾਮ ਕੀਤਾ ਗਿਆ ਹੈ ਅਤੇ ਸੁਰੱਖਿਅਤ ਬਾਹਰ ਕੱਢ ਕੇ ਲਿਜਾਣ ਲਈ ਭਾਰਤੀ ਫ਼ੌਜ ਅਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਪਿੰਡਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਪਿੰਡ ਦੇ ਹਰ ਇੱਕ ਵਸਨੀਕ ਨੂੰ ਬਾਹਰ ਕੱਢਣ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੈ, ਇਸ ਲਈ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾਵੇ।                                 
       ਉਨ੍ਹਾਂ ਕਿਹਾ ਕਿ ਐਸ.ਡੀ.ਐਮ. ਪਾਤੜਾਂ ਨਵਦੀਪ ਕੁਮਾਰ ਵੱਲੋਂ ਸਬ-ਡਵੀਜ਼ਨ ਦੇ ਪਿੰਡਾਂ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ, ਤਾਂ ਜੋ ਕਿਤੇ ਵੀ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਉਕਤ ਪਿੰਡ ਵਾਸੀਆਂ ਨੂੰ ਸੁਰੱਖਿਆ ਬਾਹਰ ਕੱਢਣ ਲਈ ਵੀ ਉਹ ਲਗਾਤਾਰ ਰਾਬਤਾ ਕਾਇਮ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦਾ ਸੰਪਰਕ ਟੁੱਟਣ ਕਾਰਨ ਇਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਮੋਟਰ ਬੋਟਸ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।
     ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੇਵੀਗੜ੍ਹ, ਦੁਧਨਸਾਧਾਂ, ਫਰਾਂਸਵਾਲਾ, ਦੁੱਧਨਗੁੱਜਰਾ ਸਮੇਤ ਹੋਰ ਪ੍ਰਭਾਵਿਤ ਖੇਤਰਾਂ ਦਾ ਵੀ ਦੌਰਾ ਕੀਤਾ


Spread the love
Scroll to Top