ਅਚਾਨਕ ਮੁੜ ਵਸੇਬਾ ਕੇਂਦਰ ਪਹੁੰਚੇ ਸਿਹਤ ਮੰਤਰੀ ਜੌੜੇਮਾਜਰਾ

Spread the love

ਦਾਖ਼ਲ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ


 ਅਸ਼ੋਕ ਧੀਮਾਨ , ਫਤਹਿਗੜ੍ਹ ਸਾਹਿਬ, 15 ਅਕਤੂਬਰ 2022   
     ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ੇ ਦੀ ਲਾਹਨਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਰਕਾਰ ਵੱਲੋਂ ਨਸ਼ਾ ਛੱਡਣ ਦੇ ਚਾਹਵਾਨ ਵਿਅਕਤੀਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਸ.ਚੇਤਨ ਸਿੰਘ ਜੌੜੇਮਾਜਰਾ ਨੇ ਸਰਹਿੰਦ ਵਿਖੇ ਚੱਲ ਰਹੇ ਸਰਕਾਰੀ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕਰਨ ਉਪਰੰਤ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਉੱਥੇ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਸਿਹਤ ਵਿਭਾਗ ਵੱਲੋਂ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈ ਕੇ ਤਸੱਲੀ ਪ੍ਰਗਟ ਕੀਤੀ।
    ਸਿਹਤ ਮੰਤਰੀ ਨੇ ਕਿਹਾ ਕਿ ਨਸ਼ਾ ਇੱਕ ਮਾਨਸਿਕ ਰੋਗ ਹੈ, ਜਿਸ ਦਾ ਇਲਾਜ ਸੰਭਵ ਹੈ। ਉਨ੍ਹਾਂ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਾਥ ਦਿੱਤਾ ਜਾਵੇ ਅਤੇ ਆਪਣੀ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਵਿੱਚੋਂ ਕੱਢਣ ਲਈ ਹਾਂ ਪੱਖੀ ਵਤੀਰਾ ਅਪਣਾ ਕੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਤੋਂ ਇਲਾਵਾ ਓਟ ਕਲੀਨਿਕਾਂ ਵਿੱਚ ਉਨ੍ਹਾਂ ਦੇ ਇਲਾਜ ਕਰਵਾਇਆ ਜਾਵੇ, ਮੁੜ ਵਸੇਬਾ ਕੇਂਦਰਾਂ ਤੋਂ ਇਲਾਵਾ ਓਟ ਕਲੀਨਿਕਾਂ ਵਿੱਚ ਨਸ਼ਾ ਪੀੜ੍ਹਤਾਂ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ।  
    ਇਸ ਮੌਕੇ ਤੇ ਸਿਵਲ ਸਰਜਨ ਡਾ ਵਿਜੇ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ  ਸੁਰਿੰਦਰ ਸਿੰਘ ,ਮਾਨਸਿਕ ਰੋਗਾਂ ਦੇ ਮਾਹਰ  ਡਾ ਸਨਪ੍ਰੀਤ ਕੌਰ ,ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਕਰਨੈਲ ਸਿੰਘ ਅਤੇ ਨਸ਼ਾ ਛੁਡਾਊ ਕੇਂਦਰ ਦਾ ਸਮੂਹ ਸਟਾਫ ਹਾਜ਼ਰ ਸਨ ।

Spread the love
Scroll to Top