ਆਈ.ਐਮ.ਏ. ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦੋ ਲੱਖ ਰੁਪਏ ਦੀਆਂ ਦਵਾਈਆਂ ਸਿਵਲ ਸਰਜਨ ਨੂੰ ਸੌਂਪੀਆਂ

Spread the love

ਰਿਚਾ ਨਾਗਪਲ, ਪਟਿਆਲਾ, 18 ਜੁਲਾਈ 2023


        ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰੇਰਣਾ ਸਦਕਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਂਦਿਆਂ ਜ਼ਿਲ੍ਹਾ ਸਿਹਤ ਵਿਭਾਗ ਨੂੰ ਦੋ ਲੱਖ ਰੁਪਏ ਮੁੱਲ ਦੀਆਂ ਦਵਾਈਆਂ ਮੁਹੱਈਆ ਸਿਵਲ ਸਰਜਨ ਡਾ. ਰਮਿੰਦਰ ਕੌਰ ਨੂੰ ਸੌਂਪੀਆਂ ਗਈਆਂ।
        ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਭਗਵੰਤ ਸਿੰਘ, ਡਾ. ਸੁਧੀਰ ਵਰਮਾ ਉੱਘੇ ਦਿਲ ਦੇ ਰੋਗਾਂ ਦੇ ਮਾਹਿਰ, ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਡਾ. ਚੰਦਰ ਮੋਹਿਨੀ, ਡਾ. ਨਿਧੀ ਬਾਂਸਲ ਅਤੇ ਡਾ. ਸੰਦੀਪ ਨੇ ਇਹ ਆਮ ਵਰਤੋਂ ਵਿੱਚ ਆਉਣ ਵਾਲੀਆਂ ਲਗਭਗ 2 ਲੱਖ ਰੁਪਏ ਦੀਆਂ ਦਵਾਈਆਂ ਸਿਹਤ ਵਿਭਾਗ ਨੰ ਸੌਂਪਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਹਿਯੋਗ ਕਰਨ ਲਈ ਦਿੱਤੇ ਗਏ ਸੱਦੇ ਮੁਤਾਬਕ ਆਪਣੀ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਹਮੇਸ਼ਾ ਤਿਆਰ ਹਨ।                                                         
      ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਿਹਤ ਵਿਭਾਗ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਪਹਿਲਾਂ ਗੁਰਦੁਆਰਾ ਅੰਗੀਠਾ ਸਾਹਿਬ, ਪੁੱਡਾ ਭਵਨ ਫੇਸ-2, ਨਿਊ ਸਬਜ਼ੀ ਮੰਡੀ, ਸੀ-109 ਫੋਕਲ ਪੁਆਇੰਟ, ਅਰਬਨ ਅਸਟੇਟ ਰਾਧਾ ਕ੍ਰਿਸ਼ਨ ਮੰਦਿਰ, ਗੋਪਾਲ ਨਗਰ ਅਤੇ ਰਾਧਾ ਸੁਆਮੀ ਸਤਸੰਗ ਘਰ ਪਟਿਆਲਾ ਆਦਿ ਥਾਵਾਂ ਤੇ ਪਿਛਲੇ ਇੱਕ ਹਫ਼ਤੇ ਤੱਕ ਫਲੱਡ ਰਿਲੀਫ ਮੈਡੀਕਲ ਕੈਂਪ ਲਗਾਏ ਗਏ ਅਤੇ 4 ਤੋਂ 6 ਮੋਬਾਇਲ ਵੈਨਾਂ ਰਾਹੀਂ ਲਗਭਗ 8000 ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਦਿੱਤੀਆਂ ਗਈਆਂ। ਇਹਨਾਂ ਕੈਂਪਾਂ ਅਤੇ ਮੋਬਾਇਲ ਵੈਨਾਂ ਵਿੱਚ ਸੇਵਾਵਾਂ ਦੇਣ ਲਈ ਰੈਜ਼ੀਡੈਂਟ ਡਾਕਟਰ , ਸਟਾਫ਼ ਨਰਸਾਂ ,ਪੈਰਾ ਮੈਡੀਕਲ ਸਟਾਫ਼ ਅਤੇ ਵਲੰਟੀਅਰ ਸ਼ਾਮਲ ਸਨ।
       ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਚਨਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸ ਜੇ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ , ਸਹਾਇਕ ਸਿਹਤ ਅਫ਼ਸਰ ਡਾ. ਕੁਸ਼ਲਦੀਪ, ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸੁਮੀਤ ਸਿੰਘ ,ਡਾ. ਦਿਵਜੋਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੀਰ ਕੌਰ , ਡਿਪਟੀ ਮਾਸ ਮੀਡੀਆ ਅਫ਼ਸਰ ਭਾਗ ਸਿੰਘ, ਜ਼ਿਲ੍ਹਾ ਬੀ ਸੀ ਸੀ ਜਸਵੀਰ ਕੌਰ ਹਾਜ਼ਰ ਸਨ।


Spread the love
Scroll to Top