‘ਆਪ’ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ ‘ਚ ਨਾਕਾਮ ਰਹਿਣ ‘ਤੇ ਪ੍ਰਨੀਤ ਕੌਰ ਨੇ ਔਰਤਾਂ ਦੇ ਵੱਡੇ ਇਕੱਠ ਸਮੇਤ ਕੀਤਾ ਭਾਰੀ ਰੋਸ ਪ੍ਰਦਰਸ਼ਨ

Spread the love

‘ਆਪ’ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ ‘ਚ ਨਾਕਾਮ ਰਹਿਣ ‘ਤੇ ਪ੍ਰਨੀਤ ਕੌਰ ਨੇ ਔਰਤਾਂ ਦੇ ਵੱਡੇ ਇਕੱਠ ਸਮੇਤ ਕੀਤਾ ਭਾਰੀ ਰੋਸ ਪ੍ਰਦਰਸ਼ਨ

ਪਟਿਆਲਾ, 25 ਅਗਸਤ (ਰਾਜੇਸ਼ ਗੋਤਮ)

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪੰਜਾਬ ਦੇ ਵੱਖ-ਵੱਖ ਹਲਕਿਆਂ ਦੀਆਂ ਔਰਤਾਂ ਸਮੇਤ ਪੰਜਾਬ ਸਰਕਾਰ ਖ਼ਿਲਾਫ਼ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਮਗਰੋਂ ਓਹਨਾ ਨੇ ਡੀਸੀ ਪਟਿਆਲਾ ਨੂੰ ਪੰਜਾਬ ਸਰਕਾਰ ਨਾਮ ਇਕ ਮੈਮੋਰੰਡਮ ਵੀ ਸੌਂਪਿਆ। ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਕਿ ਉਹ ਇੱਕ ਵਾਰ ਚੁਣੇ ਜਾਣ ‘ਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਵੇਗੀ। ਪਰ ਹੁਣ 6 ਮਹੀਨੇ ਹੋ ਗਏ ਹਨ ਅਤੇ ਸਰਕਾਰ ਵੱਲੋਂ ਆਪਣੇ ਇਸ ਵੱਡੇ ਚੋਣ ਵਾਅਦੇ ਨੂੰ ਪੂਰੇ ਕਰਨ ਦੇ ਕੋਈ ਸੰਕੇਤ ਨਹੀਂ ਦਿਖਾਈ ਦੇ ਰਹੇ।” ਉਨ੍ਹਾਂ ਅੱਗੇ ਕਿਹਾ, “ਆਪ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਲਾਗੂ ਨਾ ਕੀਤੇ ਜਾਣ ਕਾਰਨ ਔਰਤਾਂ ਵਿੱਚ ਰੋਸ ਵੱਧ ਰਿਹਾ ਹੈ ਕਿਉਂਕਿ ਉਹ ਸਰਕਾਰ ਵੱਲੋਂ ਪੂਰੀ ਤਰ੍ਹਾਂ ਠੱਗਿਆ ਮਹਿਸੂਸ ਕਰ ਰਹੀਆਂ ਹਨ। ਇਹ ਸਾਡਾ ਬਣਦਾ ਹੱਕ ਹੈ, ਜਿਸ ਦਾ ਸਰਕਾਰ ਵੱਲੋਂ ਸਾਡੇ ਨਾਲ ਵਾਅਦਾ ਕੀਤਾ ਗਿਆ ਸੀ ਅਤੇ ਜੇਕਰ ਪੰਜਾਬ ਸਰਕਾਰ ਅਕਤੂਬਰ ਤੱਕ ਇਸ ਗਾਰੰਟੀ ਨੂੰ ਪੂਰਾ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਅਸੀਂ ਪੰਜਾਬ ਭਰ ਵਿੱਚ ਉਨ੍ਹਾਂ ਦੇ ਖਿਲਾਫ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਾਂਗੇ।” ਕੈਪਟਨ ਅਮਰਿੰਦਰ ਸਿੰਘ ਦੇ ਸ਼ਾਸਨ ਬਾਰੇ ਗੱਲ ਕਰਦਿਆਂ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, “ਕੈਪਟਨ ਅਮਰਿੰਦਰ ਸਿੰਘ ਜੀ ਨੇ ਆਪਣੇ ਕਾਰਜਕਾਲ ਦੌਰਾਨ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੇਣ, ਸਥਾਨਕ ਸਰਕਾਰਾਂ ਅਤੇ ਪੰਚਾਇਤੀ ਰਾਜ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ, ਸ਼ਗਨ ਦੀ ਰਾਸ਼ੀ ਵਧਾਉਣ ਵਰਗੀਆਂ ਕਈ ਔਰਤਾਂ ਪੱਖੀ ਸਕੀਮਾਂ ਅਤੇ ਹੋਰ ਬਹੁਤ ਸਾਰੀਆਂ ਨੀਤੀਆਂ ਲਾਗੂ ਕੀਤੀਆਂ।” ਸਿੱਧੂ ਮੂਸੇਵਾਲਾ ਦੇ ਇਨਸਾਫ਼ ਮਾਰਚ ਬਾਰੇ ਮੀਡੀਆ ਦੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, “ਇਸ ਤਰ੍ਹਾਂ ਦੇ ਨੌਜਵਾਨ ਦਾ ਇਨ੍ਹੀਂ ਛੋਟੀ ਉਮਰ ਵਿੱਚ ਤੁਰ ਜਾਣਾ ਪੂਰੀ ਤਰ੍ਹਾਂ ਦੁਖਦਾਈ ਹੈ, ਸਿੱਧੂ ਮੂਸੇਵਾਲਾ ਦੀ ਦਿਨ-ਦਿਹਾੜੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਇਹ ਸਮਝਣ ਯੋਗ ਹੈ ਕਿ ਉਸਦੇ ਮਾਤਾ-ਪਿਤਾ ਇਨਸਾਫ ਦੀ ਮੰਗ ਕਰ ਰਹੇ ਹਨ ਅਤੇ ਮੈਂ ਉਨ੍ਹਾਂ ਦੀ ਇਸ ਮੰਗ ਵਿੱਚ ਉਨ੍ਹਾਂ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹਾਂ।” ਪਟਿਆਲਾ ਦੀ ਡੀ.ਸੀ ਸਾਕਸ਼ੀ ਸਾਹਨੀ ਨੂੰ ਪ੍ਰਨੀਤ ਕੌਰ ਨੇ ਮੰਗ ਪੱਤਰ ਸੌਂਪਦਿਆਂ ਕਿਹਾ ਕਿ “ਮੈਂ ਪੰਜਾਬ ਦੀਆਂ ਔਰਤਾਂ ਦੀ ਨੁਮਾਇੰਦਗੀ ਕਰਦੇ ਹੋਏ ਤੁਹਾਡੇ ਸਾਹਮਣੇ ਖੜ੍ਹੀ ਹਾਂ ਅਤੇ ਅਸੀਂ ਸੂਬਾ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਹ ਆਮ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਤੁਰੰਤ ਪੂਰਾ ਕਰਨ। ਮੈਂ ਤੁਹਾਡੇ ਰਾਹੀਂ ਸਰਕਾਰ ਨੂੰ ਸਾਡੇ ਵਿਰੁੱਧ ਜੋ ਬਦਲਾਖੋਰੀ ਦੀ ਰਾਜਨੀਤੀ ਕਰ ਰਹੇ ਹਨ, ਉਸ ਖ਼ਿਲਾਫ਼ ਵੀ ਧਿਆਨ ਦਵਾਉਂਦੀ ਹਾਂ ਅਤੇ ਅਸੀਂ ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ। ਸਾਡੇ ਐਮਸੀ ਨੂੰ ਸਿਰਫ਼ ਇਸ ਲਈ ਨਿਸ਼ਾਨਾ ਬਣਾਉਣਾ ਕਿਉਂਕਿ ਅਸੀਂ ਵਿਰੋਧੀ ਧਿਰ ਵਿੱਚ ਹਾਂ, ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਹੈ ਅਤੇ ਇਸ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ।” ਪ੍ਰਨੀਤ ਕੌਰ ਨਾਲ ਪੰਜਾਬ ਭਰ ਦੀਆਂ ਹਜ਼ਾਰਾਂ ਬੀਬੀਆਂ ਨੇ ਵੀ ਸ਼ਿਰਕਤ ਕੀਤੀ।


Spread the love
Scroll to Top