ਝੋਨੇ ਦੀ ਸਿੱਧੀ ਬਿਜਾਈ ਸਫਲ ਬਣਾਉਣ ਲਈ ਬਿਜਲੀ ਦੀ 8 ਘੰਟੇ ਸਪਲਾਈ ਸ਼ੁਰੂ

Spread the love

ਡੀਐਸਆਰ ਵਿਧੀ ਰਾਹੀਂ ਝੋਨਾ ਬੀਜਣ ਵਾਲੇ ਕਿਸਾਨਾਂ ਨੂੰ ਮਿਲੇਗੀ 1500 ਰੁਪਏ ਪ੍ਰਤੀ ਏਕੜ ਰਾਸ਼ੀ : ਮੁੱਖ ਖੇਤੀਬਾੜੀ ਅਫਸਰ

ਸੋਨੀ ਪਨੇਸਰ , ਬਰਨਾਲਾ, 24 ਮਈ 2023
       ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ 20 ਮਈ ਤੋਂ ਬਿਜਲੀ ਦੀ ਸਪਲਾਈ ਨਿਰਵਿਘਨ 8 ਘੰਟੇ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਾਲ ਪੰਜਾਬ ਸਰਕਾਰ ਵੱਲੋਂ ਡੀਐਸਆਰ ਤਕਨੀਕ ਨਾਲ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਉਤਸ਼ਾਹ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ।
  ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚੋਂ ਬਲਾਕ ਬਰਨਾਲਾ ਨੂੰ ਡੀ ਐਸ ਆਰ ਵਿਧੀ ਦੇ ਪਾਇਲਟ ਪ੍ਰੋਜੈਕਟ ਵਜੋਂ ਚੁਣਿਆ ਗਿਆ ਹੈ, ਇਸ ਲਈ ਸਮੂਹ ਬਲਾਕਾਂ ਦੇ ਕਿਸਾਨਾਂ ਨੂੰ ਡੀਐਸਆਰ ਵਿਧੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਧਰਤੀ ਹੇਠਲੇ ਪਾਣੀ ਦੀ ਬਚਤ ਕਰਨ ਲਈ ਵੱਧ ਤੋਂ ਵੱਧ ਕਿਸਾਨ ਦਰਮਿਆਨੀ ਤੋਂ ਭਾਰੀਆਂ ਜ਼ਮੀਨਾਂ ਵਿੱਚ ਡੀ ਐਸ ਆਰ ਰਾਹੀਂ ਝੋਨੇ ਦੀ ਬਿਜਾਈ ਕਰਨ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਆਪਣਾ ਨਾਮ ਆਨਲਾਈਨ ਪੋਰਟਲ ‘ਤੇ ਅਪਡੇਟ ਕਰਨਾ ਬਹੁਤ ਜ਼ਰੂਰੀ ਹੈ, ਜਿਸ ਨਾਲ ਉਹ ਪੰਜਾਬ ਸਰਕਾਰ ਦੀ ਨੀਤੀ ਮੁਤਾਬਿਕ ਪੋਰਟਲ ‘ਤੇ ਰਜਿਸਟਰਡ ਕਿਸਾਨਾਂ ਦੀ ਪੜਤਾਲ ਕਰਨ ਉਪਰੰਤ 1500 ਰੁਪਏ ਪ੍ਰਤੀ ਏਕੜ ‘ਤੇ ਸਬਸਿਡੀ ਪ੍ਰਾਪਤ ਕਰ ਸਕਦੇ ਹਨ। 
  ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਝੋਨੇ ਦੀ ਸਿੱਧੀ ਬਿਜਾਈ ਉਨ੍ਹਾਂ ਤਕਨੀਕਾਂ ਵਿੱਚੋਂ ਹੈ ਜੋ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ ਪਾਉਣ, ਬਿਜਲੀ ਦੀ ਖਪਤ ਘਟਾਉਣ ਅਤੇ ਖੇਤੀ ਕਾਮਿਆਂ ਦੀ ਆ ਰਹੀ ਘਾਟ ਨੂੰ ਹੱਲ ਕਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਫਸਲ ਦਾ ਲਗਾਤਾਰ ਮੁਆਇਨਾ ਕੀਤਾ ਜਾਵੇਗਾ, ਇਸ ਸਬੰਧੀ ਜੇਕਰ ਕਿਸੇ ਕਿਸਾਨ ਦੀ ਫਸਲ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਆਊਂਦੀ ਹੈ ਤਾਂ ਉਸ ਦੇ ਸਹੀ ਤਕਨੀਕੀ ਹੱਲ ਅਤੇ ਆਨਲਾਈਨ ਪੋਰਟਲ ‘ਤੇ ਅਪਲਾਈ ਕਰਨ ਲਈ ਜ਼ਿਲ੍ਹੇ ਦੇ ਮੁੱਖ ਦਫਤਰ ਤੇ ਬਲਾਕ ਖੇਤੀਬਾੜੀ ਦਫਤਰਾਂ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡੀ ਐਸ ਆਰ ਪੋਰਟਲ ਉੱਪਰ ਰਜਿਸਟ੍ਰੇਸ਼ਨ ਮਿਤੀ 22—05.2023 ਤੋਂ ਲੈ ਕੇ ਮਿਤੀ 26.06.2023 ਤੱਕ ਹੋਵੇਗੀ।

Spread the love
Scroll to Top