ਠੇਕਾ ਮੁਲਾਜ਼ਮਾਂ ਨੇ ਕਰਿਆ ਅਗਲੇ ਸੰਘਰਸ਼ ਦਾ ਐਲਾਨ

Spread the love

7 ਜਨਵਰੀ ਨੂੰ ਸਮੁੱਚੇ ਪੰਜਾਬ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਾਰਚ ਕਰਕੇ ਦਿੱਤੇ ਜਾਣਗੇ ਮੰਗ ਪੱਤਰ

21 ਜਨਵਰੀ ਨੂੰ ਬਰਨਾਲਾ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕਰਕੇ ਕੀਤਾ ਜਾਵੇਗਾ ਅਗਲੇ ਸੰਘਰਸਾਂ ਦਾ ਐਲਾਨ:-ਮੋਰਚਾ ਆਗੂ


ਬੇਅੰਤ ਸਿੰਘ ਬਾਜਵਾ, ਲੁਧਿਆਣਾ 3 ਜਨਵਰੀ 2023
   ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੀ ਸੂਬਾ ਪੱਧਰੀ ਮੀਟਿੰਗ ਈਸੜੂ ਭਵਨ ਵਿੱਚ ਵਿੱਚ ਸੂਬਾ ਆਗੂ ਰਮਨਪ੍ਰੀਤ ਕੌਰ ਮਾਨ ਦੀ ਅਗਵਾਈ ਵਿੱਚ ਹੋਈ,ਮੀਟਿੰਗ ਵਿੱਚ ਪਿਛਲੇ ਸੰਘਰਸਾਂ ਦਾ ਰੀਵਿਊ ਕਰਕੇ ਸੰਘਰਸਾਂ ਦੀ ਸਫ਼ਲਤਾ ਲਈ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਗਈ। ਮੀਟਿੰਗ ਵਿੱਚ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਕੁਲਦੀਪ ਸਿੰਘ ਬੁੱਢੇਵਾਲ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਪਵਨਦੀਪ ਸਿੰਘ,ਸੁਰਿੰਦਰ ਕੁਮਾਰ,ਜਸਪ੍ਰੀਤ ਸਿੰਘ,ਜਗਸੀਰ ਸਿੰਘ ਭੰਗੂ ਆਦਿ ਆਗੂਆਂ ਨੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਨ ਦੇ ਨਾਂ ਹੇਠ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸ਼ੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਪਿਛਲੀਆਂ ਸਰਕਾਰਾਂ ਤਰਾਂ ਨਵੀਆਂ-ਨਵੀਆਂ ਕਮੇਟੀਆਂ ਦਾ ਗਠਨ ਕਰਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਮਸਲੇ ਨੂੰ ਲੈਕੇ ਧੋਖੇ ਭਰਿਆ ਦੰਭ ਕਰਕੇ ਸਮਾਂ ਲੰਘਾ ਰਹੀ ਹੈ । ਦੂਜੇ ਪਾਸੇ ਡੀ.ਸੀ.ਬਰਨਾਲਾ,ਵੇਰਕਾ ਮਿਲਕ ਪਲਾਂਟਾਂ,ਸਿਹਤ ਵਿਭਾਗ ਦੇ ਠੇਕਾ ਮੁਲਾਜ਼ਮ ਆਗੂ ਸਮੇਤ ਤਪਾ ਸਿਵਲ ਹਸਪਤਾਲ,ਪਾਵਰਕਾਮ ਦੇ ਪੈਸਕੋ ਕੰਪਿਊਟਰ ਅਪਰੇਟਰਾਂ ਅਤੇ ਭਗਤਾ ਭਾਈਕਾ ਸਟੋਰ ਦੇ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰ ਰਹੀ ਹੈ ਅਤੇ 21 ਦਸੰਬਰ ਨੂੰ ਸਬ-ਕਮੇਟੀ ਨਾਲ਼ ਹੋਈ ਮੀਟਿੰਗ ਵਿੱਚ ਹੋਏ ਫੈਸਲਿਆਂ ਤੋਂ ਭੱਜ ਰਹੀ ਹੈ ਜਿਸ ਤੋਂ ਸਿੱਧ ਹੁੰਦਾ ਹੈ ਕਿ ਆਪ ਸਰਕਾਰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚੋਂ ਬਾਹਰ ਕਰਨ ਦੇ ਰਾਹ ਪੈ ਰਹੀ ਹੈ ਜਿਸ ਦੇ ਰੋਸ਼ ਵਜੋਂ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ 07 ਜਨਵਰੀ ਨੂੰ ਸਮੁੱਚੇ ਪੰਜਾਬ ਵਿੱਚ ਆਪਣੇ-ਆਪਣੇ ਇਲਾਕੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਅਤੇ ਠੇਕਾ ਮੁਲਾਜ਼ਮਾਂ ਦੀਆਂ ਕੀਤੀਆਂ ਜਾ ਰਹੀਆਂ ਛਾਂਟੀਆਂ ਨੂੰ ਰੱਦ ਕਰਨ ਦੀ ਮੰਗ ਨੂੰ ਲੈਕੇ ਵੱਖ-ਵੱਖ ਸ਼ਹਿਰਾਂ ਵਿੱਚ ਰੋਸ਼ ਮਾਰਚ ਕਰਕੇ ਮੰਗ ਪੱਤਰ ਸੌਂਪਣਗੇ ਅਤੇ 21 ਜਨਵਰੀ ਨੂੰ ਬਰਨਾਲਾ ਵਿਖੇ ਤਰਕਸ਼ੀਲ ਭਵਨ ਵਿੱਚ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮ ਆਗੂਆਂ ਦੀ ਸੂਬਾ ਪੱਧਰੀ ਕਨਵੈਨਸ਼ਨ ਕਰਕੇ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ,ਮੀਟਿੰਗ ਵਿੱਚ ਹਾਜ਼ਿਰ ਆਗੂਆਂ ਨੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਇਹਨਾਂ ਸੰਘਰਸਾਂ ਵਿੱਚ ਸ਼ਾਮਿਲ ਹੋਣ ਦੀ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਆਪਣੇ ਹੱਕਾਂ ਦੀ ਰਾਖੀ ਲਈ ਕੀਤੇ ਜਾ ਰਹੇ ਸੰਘਰਸਾਂ ਦੇ ਸੇਕ ਨੂੰ ਕਿਸੇ ਵੀ ਹਾਲਤ ਵਿੱਚ ਮੱਠਾ ਨਾ ਪੈਣ ਦਿੱਤਾ ਜਾਵੇ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਵਿਭਾਗਾਂ ਵਿੱਚ ਬਾਹਰੋਂ ਸਿੱਧੀ ਭਰਤੀ ਕਰਨ ਤੋਂ ਪਹਿਲਾਂ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ਤੇ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ,ਲੇਬਰ ਐਕਟ 1948 ਦੇ ਫਾਰਮੂਲੇ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਵਿਭਾਗਾਂ ਵਿੱਚੋਂ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਨੌਕਰੀ ਤੇ ਬਹਾਲ ਕੀਤਾ ਜਾਵੇ!

Spread the love
Scroll to Top