ਡੀ.ਟੀ.ਐੱਫ.ਅਤੇ ਸਹਿਯੋਗੀ ਜਥੇਬੰਦੀਆਂ ਨੇ ਸਿੱਖਿਆ ਮੰਤਰੀ ਦੇ ਨਾਂ ਭੇਜਿਆ “ਸੰਘਰਸ਼ ਦਾ ਨੋਟਿਸ”

Spread the love

ਡੀ.ਟੀ.ਐੱਫ.ਅਤੇ ਸਹਿਯੋਗੀ ਜਥੇਬੰਦੀਆਂ ਨੇ ਸਿੱਖਿਆ ਮੰਤਰੀ ਦੇ ਨਾਂ ਭੇਜਿਆ “ਸੰਘਰਸ਼ ਦਾ ਨੋਟਿਸ”
ਬਰਨਾਲਾ,01 ਸਤੰਬਰ (ਰਘੁਵੀਰ ਹੈੱਪੀ)
ਪਿਛਲੇ 11-11 ਸਾਲ ਤੋਂ ਰੈਗੂਲਰਾਈਜ਼ੇਸ਼ਨ ਦੀ ਉਡੀਕ ਕਰ ਰਹੇ ਓ.ਡੀ.ਐੱਲ. ਅਧਿਆਪਕਾਂ ਦੇ ਪੈਡਿੰਗ ਰੈਗੂਲਰ ਆਰਡਰ ਜਾਰੀ ਕਰਨ ਅਤੇ 180 ਈ.ਟੀ.ਟੀ. ਅਧਿਆਪਕਾਂ ‘ਤੇ ਜਬਰੀ ਥੋਪਿਆ ਨਵਾਂ ਤਨਖ਼ਾਹ ਸਕੇਲ ਰੱਦ ਕਰਨ ਦੀ ਮੰਗ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ) ਪੰਜਾਬ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ 6505 (ਜੈ ਸਿੰਘ ਵਾਲਾ) ਅਤੇ ਓ.ਡੀ.ਐੱਲ. ਅਧਿਆਪਕ ਯੂਨੀਅਨ ਦੇ ਸਾਂਝੇ ਸੱਦੇ ‘ਤੇ ਅੱਜ ਡੀ.ਟੀ.ਐੱਫ ਦੇ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਤੇ ਜਨਰਲ ਸਕੱਤਰ ਨਿਰਮਲ ਚੁਹਾਣਕੇ,ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸੋਹਣ ਸਿੰਘ ਬਰਨਾਲਾ,ਪ੍ਰਦੀਪ ਬਰਨਾਲਾ,ਓ.ਡੀ.ਐੱਲ. ਯੂਨੀਅਨ ਦੇ ਬਲਜਿੰਦਰ ਬਰਨਾਲਾ, ਤਜਿੰਦਰ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਰਬਜੀਤ ਸਿੰਘ ਤੂਰ ਰਾਹੀਂ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ/ ਸੰਘਰਸ਼ ਦਾ ਨੋਟਿਸ ਭੇਜਿਆ।
     ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ (ਸੈਕੰਡਰੀ) ਅਧੀਨ 7654, 3442, 5178 ਭਰਤੀਆਂ ਦੇ ਬਾਕੀ ਸਾਰੇ ਅਧਿਆਪਕਾਂ ਨੂੰ ਕ੍ਰਮਵਾਰ ਸਾਲ 2014, 2016 ਅਤੇ 2017 ਵਿੱਚ ਰੈਗੂਲਰ ਕੀਤਾ ਜਾ ਚੁੱਕਾ ਹੈ, ਪ੍ਰੰਤੂ 125 ਤੋਂ ਵਧੇਰੇ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ ਨੂੰ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਤੋਂ ਬਾਹਰ ਦੀ ਡਿਗਰੀ ਹੋਣ ਦੇ ਹਵਾਲੇ ਨਾਲ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ ਹੈ। ਜਦ ਕਿ ਕਈ ਭਰਤੀਆਂ ਦੇ ਸੈਂਕੜੇ ਓ.ਡੀ.ਐੱਲ. ਅਧਿਆਪਕ ਰੈਗੂਲਰ ਵੀ ਹੋ ਚੁੱਕੇ ਹਨ, ਹਜ਼ਾਰਾਂ ਓ.ਡੀ.ਐੱਲ. ਅਧਿਆਪਕਾਂ ਦੀ ਪ੍ਰੋਮੋਸ਼ਨ ਹੋ ਚੁੱਕੀ ਹੈ ਅਤੇ ਸਾਲ 2019 ਵਿੱਚ ਕਰਮਜੀਤ ਕੌਰ ਬਨਾਮ ਪੰਜਾਬ ਸਰਕਾਰ ਕੇਸ ਵਿੱਚ ਹਾਈ ਕੋਰਟ ਵੱਲੋਂ ਵੀ ਇਨ੍ਹਾਂ ਦੀ ਰੈਗੂਲਰਾਈਜ਼ੇੇਸ਼ਨ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸੇ ਤਰ੍ਹਾਂ ਸਿੱਖਿਆ ਵਿਭਾਗ (ਪ੍ਰਾਇਮਰੀ) ਅਧੀਨ ਸਾਲ 2016 ਵਿੱਚ 4500 ਈ.ਟੀ.ਟੀ. ਅਸਾਮੀਆਂ ‘ਤੇ ਰੈਗੂਲਰ ਭਰਤੀ ਹੋਏ 180 ਅਧਿਆਪਕਾਂ ਦੀ ਪਿਛਲੇ ਪੰਜ ਸਾਲ ਦੀ ਸਰਵਿਸ ਨੂੰ ਜਬਰਨ ਖਤਮ ਕਰਦਿਆਂ ਮੁੱਢਲੀ ਭਰਤੀ ਦੀਆਂ ਸੇਵਾ ਸ਼ਰਤਾਂ ਤੋਂ ਵੱਖ ਕਰ ਦਿੱਤਾ ਗਿਆ। ਬੇਇਨਸਾਫ਼ੀ ਦੀ ਸਿਖਰ ਇਹ ਹੈ ਕਿ ਨਿਯਮਾਂ ਤੋਂ ਉਲਟ ਮਈ 2021 ਵਿੱਚ ਇਨ੍ਹਾਂ ਅਧਿਆਪਕਾਂ ਉੱਪਰ ਮੁੜ ਤੋਂ ਪਰਖ ਸਮਾਂ ਅਤੇ ਨਵਾਂ ਤਨਖਾਹ ਸਕੇਲ ਮੜ੍ਹ ਦਿੱਤਾ ਗਿਆ। ਇਹਨਾਂ ਦੋਨੋਂ ਮਾਮਲਿਆਂ ਨੂੰ ਪੀੜਤ ਅਧਿਆਪਕਾਂ ਨਾਲ ਕਈ ਸਾਲਾਂ ਤੋਂ ਹੋ ਰਹੀ ਘੋਰ ਬੇਇਨਸਾਫ਼ੀ ਅਤੇ ਪੱਖਪਾਤ ਵਾਲੇ ਸਮਝਦੇ ਹੋਏ, ਅਧਿਆਪਕ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਹੁਣ ਫੈਸਲਾਕੁੰਨ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ।

Spread the love
Scroll to Top