ਨਸ਼ਿਆਂ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਆਖਰੀ ਦਿਨ ਸਾਇਕਲ ਰੈਲੀ ਕੱਢੀ

Spread the love

 ਰਘਵੀਰ ਹੈਪੀ, ਬਰਨਾਲਾ, 18 ਅਪ੍ਰੈਲ 2023 
         ਮਾਨਯੋਗ ਜਸਟਿਸ ਪੰਕਜ ਜੈਨ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਐਡਮਿਨਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ਼੍ਰੀ ਬੀ.ਬੀ.ਐੱਸ. ਤੇਜ਼ੀ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਨਸ਼ਿਆਂ ਵਿਰੋਧੀ ਜਾਗਰੂਕਤਾ ਸਾਇਕਲ ਰੈਲੀ ਕੱਢੀ ਗਈ, ਜਿਸ ਨੂੰ ਸ਼੍ਰੀ ਬੀ.ਬੀ.ਐੱਸ. ਤੇਜ਼ੀ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
 ਇਸ ਰੈਲੀ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਅਤੇ ਸਰਕਾਰੀ ਹਾਈ ਸਕੂਲ ਜੁਮਲਾ ਮਲਕਾਨ  ਬਰਨਾਲਾ ਦੇ ਵਿਦਿਆਰਥੀਆਂ, ਸਮੂਹ ਜੁਡੀਸ਼ੀਅਲ ਅਫ਼ਸਰਾਂ, ਸਟਾਫ ਮੈਂਬਰ, ਪੈਰਾ ਲੀਗਲ ਵਲੰਟੀਅਰਾਂ ਆਦਿ ਨੇ ਹਿੱਸਾ ਲਿਆ। ਵਿਦਿਆਰਥੀਆਂ ਦੇ ਸਾਇਕਲਾਂ ਉੱਪਰ ਤਖਤੀਆਂ ਲੱਗੀਆਂ ਹੋਈਆਂ ਸਨ, ਜਿਨ੍ਹਾਂ ਉਪਰ ਲਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਸਲੋਗਨਾਂ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸ਼੍ਰੀ ਬੀ.ਬੀ.ਐੱਸ. ਤੇਜ਼ੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜੱਜ  ਸ਼੍ਰੀ ਪੰਕਜ ਜੈਨ ਵਲੋਂ ਛੇ ਹਫ਼ਤੇ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਵਕੀਲ ਸਾਹਿਬਾਨਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਦੀਆਂ ਟੀਮਾਂ ਬਣਾਈਆਂ ਗਈਆਂ। ਇਨ੍ਹਾਂ ਟੀਮਾਂ ਵਲੋਂ ਜ਼ਿਲ੍ਹਾ  ਬਰਨਾਲਾ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾਂ ਸੈਮੀਨਾਰ ਲਗਾਏ ਗਏ ਅਤੇ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾਂ ਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ਼ ਸੰਘੇੜਾ ਅਤੇ ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਵੱਖ ਵੱਖ ਥਾਵਾਂ ‘ਤੇ ਨੁੱਕੜ ਨਾਟਕਾਂ ਖੇਡੇ ਗਏ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ ਲੀਗਲ ਲਿਟਰੇਸੀ ਕਲੱਬ ਇੰਚਾਰਜਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਅੱਜ ਇਸ ਛੇ ਹਫ਼ਤੇ ਚੱਲੇ ਅਭਿਆਨ ਦੇ ਆਖਰੀ ਦਿਨ ਸਾਇਕਲ ਰੈਲੀ ਕੱਢੀ ਗਈ।

Spread the love
Scroll to Top