ਪੀੜ੍ਹਤ ਲੋਕਾਂ ਨੂੰ ਰਾਸ਼ਨ, ਪਸ਼ੂਆਂ ਦੇ ਚਾਰੇ ਆਦਿ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

Spread the love

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 19 ਅਗਸਤ 2023


       ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਆਪਣੇ ਲੋਕਾਂ ਨਾਲ ਖੜ੍ਹਾ ਹੈ। ਹੜ੍ਹ ਪੀੜ੍ਹਤ ਲੋਕਾਂ ਨੂੰ ਰਾਸ਼ਨ, ਪਸ਼ੂਆਂ ਦੇ ਚਾਰੇ ਆਦਿ ਸਮੇਤ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸਤਲੁਜ ਦੇ ਪਾਣੀ ਦਾ ਪੱਧਰ ਵਧਣ ਕਾਰਨ ਹੁਸੈਨੀਵਾਲਾ ਸਰਹੱਦ ਨਾਲ ਲੱਗਦੇ ਪਿੰਡਾਂ ‘ਚ ਹੜ੍ਹ ਪੀੜਤਾਂ ਨੂੰ ਮਿਲ ਕੇ ਉਨ੍ਹਾਂ ਦਾ ਨਾਲ ਗੱਲਬਾਤ ਕਰਨ ਉਪਰੰਤ ਕੀਤਾ।                                     

       ਉਨ੍ਹਾਂ ਕਿਹਾ ਕਿ ਉਹ ਖੁਦ ਆਪਣੀ ਟੀਮ ਨਾਲ ਹੜ੍ਹ ਪੀੜਤਾਂ ਦੀ ਮਦਦ ਲਈ ਹਰ ਵੇਲੇ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ ਹੁਸੈਨੀਵਾਲਾ ਸਰਹੱਦ ਨਜ਼ਦੀਕ ਤਕਰੀਬਨ 11 ਪੰਚਾਇਤਾਂ ਦੇ 20 ਦੇ ਲਗਭਗ ਪਿੰਡਾਂ ਵਿੱਚ ਹੜ੍ਹ ਦਾ ਪਾਣੀ ਆ ਚੁੱਕਾ ਹੈ ਹਾਲਾਂਕਿ ਪਾਣੀ ਦਾ ਪੱਧਰ ਕੱਲ ਨਾਲੋਂ 15 ਹਜ਼ਾਰ ਕਿਉਸਕ ਘੱਟ ਤਾਂ ਹੋਇਆ ਹੈ ਪਰੰਤੂ ਹਾਲਾਤ ਹੁਣ ਵੀ ਠੀਕ ਨਹੀਂ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ, ਫੌਜ, ਬੀ. ਐਸ.ਐਫ. ਤੇ ਐਨ.ਡੀ.ਆਰ.ਐਫ. ਵੱਲੋਂ ਵੱਡੀ ਪੱਧਰ ਤੇ ਬਚਾਓ ਕਾਰਜ ਦਿਨ ਰਾਤ ਜਾਰੀ ਹੈ। ਇਸ ਤੋਂ ਇਲਾਵਾ ਦਰਿਆ ਦੀ ਮਾਰ ਹੇਠ ਆਉਂਦੇ ਇਲਾਕਿਆਂ ਵਿਚੋਂ ਲੋਕਾਂ ਨੂੰ ਸੁਰੱਖਿਅਤ ਕੱਢ ਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਸਮਾਜ ਸੇਵੀ ਸੰਸਥਾਵਾਂ ਵੀ ਸਰਕਾਰ ਦਾ ਪੂਰਾ ਸਾਥ ਦੇ ਰਹੀਆਂ ਹਨ।                       

      ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋਕਾਂ ਲਈ ਜ਼ਰੂਰੀ ਵਰਤੋਂ ਦੀਆਂ ਚੀਜ਼ਾਂ ਜਿਵੇਂ ਕਿ ਰਾਸ਼ਨ, ਪਸ਼ੂਆਂ ਦੀ ਫੀਡ, ਚਾਰਾ ਆਦਿ ਲਗਾਤਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਦਿਨਾਂ ਦੌਰਾਨ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 2000 ਤੋਂ ਵੱਧ ਲੋਕਾਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਥਾਵਾਂ/ ਰਾਹਤ ਕੈਂਪਾਂ ਵਿੱਚ ਪਹੁੰਚਾਇਆ ਜਾ ਚੁੱਕਾ ਹੈ ਅਤੇ ਇਹ ਰੈਸਕਿਊ ਆਪਰੇਸ਼ਨ ਹੁਣ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਹੜ੍ਹ ਪ੍ਰਭਾਵਿਤਾਂ ਲਈ ਡਾਕਟਰੀ ਸਹਾਇਤਾ, ਲੰਗਰ, ਪੀਣ ਵਾਲਾ ਪਾਣੀ ਅਤੇ ਪਸ਼ੂਆਂ ਦੇ ਚਾਰੇ ਸਮੇਤ ਹਰ ਤਰ੍ਹਾਂ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੀਮਾਰਾਂ, ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪਹਿਲ ਦੇ ਆਧਾਰ ‘ਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਰੈਡ ਕਰਾਸ ਸੰਸਥਾ ਵੱਲੋਂ ਹੜ੍ਹ ਪੀੜਤਾਂ ਨੂੰ ਰਾਸ਼ਨ, ਲੰਗਰ ਅਤੇ ਪੀਣ ਵਾਲਾ ਪਾਣੀ ਦੀ ਵੰਡ ਕੀਤੀ ਗਈ।

            ਇਸ ਮੌਕੇ ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਰਾਜ ਬਹਾਦਰ ਸਿੰਘ, ਹਿਮਾਂਸ਼ੂ ਠੱਕਰ ਹਾਜ਼ਰ ਸਨ।


Spread the love
Scroll to Top