ਹਸਪਤਾਲ ‘ਚ ਛਾਪਾ – CM ਭਗਵੰਤ ਮਾਨ ਅਚਾਨਕ ਪਹੁੰਚੇ ਹਸਪਤਾਲ

Spread the love

ਰਿਚਾ ਨਾਗਪਾਲ/ ਪਟਿਆਲਾ, 19 ਅਕਤੂਬਰ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ।

ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਦੀ ਸਥਿਤੀ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਭਗਵੰਤ ਮਾਨ ਨੇ ਹਸਪਤਾਲ ਵਿੱਚ ਸਹੂਲਤਾਂ ਬਾਰੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖ਼ਿੱਤੇ ਦੇ ਇਸ ਪ੍ਰਮੁੱਖ ਹਸਪਤਾਲ ਨੂੰ ਨਵਾਂ ਰੂਪ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਨੂੰ ਅਤਿ-ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਹਸਪਤਾਲ ਖਾਸ ਕਰਕੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕੇਂਦਰ ਬਿੰਦੂ ਵਜੋਂ ਕੰਮ ਕਰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਮਿਆਰੀ ਇਲਾਜ ਸਹੂਲਤਾਂ ਲਈ ਇਸ ਹਸਪਤਾਲ ਵਿੱਚ ਆਉਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦਾ ਇੱਥੇ ਇਲਾਜ ਨਹੀਂ ਹੁੰਦਾ ਤਾਂ ਉਹ ਅੱਗੇ ਚੰਡੀਗੜ੍ਹ ਵਿਖੇ ਪੀ.ਜੀ.ਆਈ. ਵਿੱਚ ਚਲੇ ਜਾਂਦੇ ਹਨ, ਜਿਸ ਕਾਰਨ ਉੱਥੇ ਭਾਰੀ ਭੀੜ ਰਹਿੰਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਹਸਪਤਾਲ ਨੂੰ ਦੇਸ਼ ਦੇ ਸਭ ਤੋਂ ਵਧੀਆ ਹਸਪਤਾਲਾਂ ਵਿੱਚ ਤਬਦੀਲ ਕਰਨ ਲਈ ਮਨੁੱਖੀ ਸ਼ਕਤੀ ਅਤੇ ਬੁਨਿਆਦੀ ਢਾਂਚੇ ਵਿੱਚ ਕ੍ਰਮਵਾਰ ਲੋੜੀਂਦਾ ਵਾਧਾ ਤੇ ਸੁਧਾਰ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਲੱਖਾਂ ਲੋਕਾਂ ਲਈ ਆਸ ਦੀ ਕਿਰਨ ਹੈ ਅਤੇ ਇਸ ਨੂੰ ਵਿਸ਼ਵ ਪੱਧਰੀ ਹਸਪਤਾਲ ਵਜੋਂ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਮਰੀਜ਼ਾਂ ਨੂੰ ਭਰੋਸਾ ਦਿਵਾਇਆ ਕਿ ਇਸ ਮਿਆਰੀ ਸੰਸਥਾ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਹਸਪਤਾਲ ਦੇ ਸਰਵਪੱਖੀ ਵਿਕਾਸ ‘ਤੇ ਜ਼ੋਰ ਦੇਵੇਗੀ।


Spread the love
Scroll to Top