6 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫਤਾ

Spread the love

ਸੋਨੀ/ ਬਰਨਾਲਾ, 1 ਨਵੰਬਰ 2022
ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਰੋਕਣ ਲਈ ਆਮ ਜਨਤਾ ਨੂੰ ਜਾਗਰੂਕ ਕਰਨ ਵਾਸਤੇ ‘ਜਾਗਰੂਕਤਾ ਹਫਤੇ’ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤੀ ਗਈ। ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕੇਂਦਰੀ ਵਿਜੀਲੈਂਸ ਕਮਿਸ਼ਨ ਵੱਲੋਂ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਮੌਕੇ ਇਹ ਚੌਕਸੀ ਹਫਤਾ ਸ਼ੁਰੂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨੀ ਸਾਡਾ ਸਾਰਿਆਂ ਦਾ ਫਰਜ਼ ਹੈ। 
ਡੀਐੱਸਪੀ (ਵਿਜੀਲੈਂਸ) ਸਤਪਾਲ ਸਿੰਘ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਪੂਰਾ ਹਫਤਾ ਵੱਖ-ਵੱਖ ਸੰਸਥਾਵਾਂ, ਵਿਦਿਅਕ ਅਦਾਰਿਆਂ , ਜਨਤਕ ਥਾਵਾਂ ’ਤੇ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ।  
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਰਨਾਲਾ ਗੋਪਾਲ ਸਿੰਘ, ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਅਤੇ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Spread the love
Scroll to Top