74ਵਾਂ ਗਣਤੰਤਰ ਦਿਵਸ:DC ਨੇ ਲਹਿਰਾਇਆ ਤਿਰੰਗਾ ,ਵਧੀਆ ਸੇਵਾਵਾਂ ਬਦਲੇ ਕੀਤਾ ਸ਼ਖ਼ਸੀਅਤਾਂ ਦਾ ਸਨਮਾਨ

Spread the love

ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਡੀ.ਸੀ ਪੂਨਮਦੀਪ ਕੌਰ ਨੇ ਲਹਿਰਾਇਆ ਕੌਮੀ ਝੰਡਾ

ਜ਼ਿਲ੍ਹਾ ਰੈੱਡ ਕਰਾਸ ਸਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਤੇ ਸਿਲਾਈ ਮਸ਼ੀਨਾਂ ਦੀ ਵੰਡ

ਰਘਬੀਰ ਹੈਪੀ , ਬਰਨਾਲਾ, 26 ਜਨਵਰੀ 2023
     74ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਕਰਾਇਆ ਗਿਆ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਵਜੋਂ ਪੁੱਜੇ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਨਿਭਾਈ ਗਈ। ਇਸ ਮੌਕੇ ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਭਦੌੜ ਲਾਭ ਸਿੰਘ ਉਗੋਕੇ ਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਵੀ ਹਾਜ਼ਰ ਰਹੇ।         
     ਕੌਮੀ ਝੰਡਾ ਲਹਿਰਾਉਣ ਉਪਰੰਤ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਸ੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਸਾਨੂੰ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਹੋਣ ਦਾ ਮਾਣ ਹਾਸਲ ਹੋਇਆ। ਅੱਜ ਦੇ ਦਿਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਯੋਗਦਾਨ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਅਜਿਹੀਆਂ ਮਹਾਨ ਸ਼ਖ਼ਸੀਅਤਾਂ ਨੂੰ ਅੱਜ ਸਾਰਾ ਦੇਸ਼ ਸਿਜਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਨੂੰ ਲੋੜ ਹੈ ਉਨ੍ਹਾਂ ਸੂਰਮਿਆਂ ਦੀ, ਉਨ੍ਹਾਂ ਨੌਜਵਾਨਾਂ ਦੀ, ਜਿਹੜੇ ਅੱਜ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਣ। ਲੋੜ ਹੈ, ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ, ਸਾਡਾ ਪੌਣ-ਪਾਣੀ ਤੇ ਵਾਤਾਵਰਣ ਬਚਾਉਣ ਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲੇ ਦੀ ਚਹੰਪੱਖੀ ਖੁਸ਼ਹਾਲੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪਿਛਲੇ ਸਮੇਂ ਹਰਿਆਵਲ ਮੁਹਿੰਮ ਤਹਿਤ ਜ਼ਿਲ੍ਹੇ ਦੇ ਕਰੀਬ 100 ਏਕੜ ਰਕਬੇ ’ਚ 8 ਲੱਖ ਤੋਂ ਵੱਧ ਪੌਦੇ ਲਾਏ ਗਏ। ਖੇਡਾਂ ਦੇ ਖੇਤਰ ਵਿਚ ਵੀ ਜ਼ਿਲ੍ਹਾ ਬਰਨਾਲਾ ਨੇ ਅਹਿਮ ਪ੍ਰਾਪਤੀਆਂ ਕੀਤੀਆਂ ਹਨ।
   ਸਰਕਾਰੀ ਸਕੂਲਾਂ ਦਾ ਮਿਆਰ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ 3 ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਜੋਂ ਵਿਕਸਿਤ ਕੀਤਾ ਜਾਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲਾਂ ਤੋਂ ਵਿਰਵੇ ਝੁੱਗੀਆਂ-ਝੌਂਪੜੀਆਂ ਵਾਲੇ ਬੱਚਿਆਂ ਨੂੰ ਸਕੂਲਾਂ ’ਚ ਪੜ੍ਹਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਬਰਨਾਲੇ ਦੇ 70 ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਨ ’ਚ ਦਾਖ਼ਲ ਕਰਵਾਇਆ ਗਿਆ ਹੈ ਤਾਂ ਜੋ ਕੋਈ ਵੀ ਬੱਚਾ ਸਮਾਜਿਕ-ਆਰਥਿਕ ਹਾਲਾਤਾਂ ਕਾਰਨ ਪੜ੍ਹਾਈ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਵਿਚੋਂ ਕਈ ਯੋਜਨਾਵਾਂ ’ਚ ਅੱਵਲ ਦਰਜੇ ’ਤੇ ਹੈ, ਜਿਨ੍ਹਾਂ ਵਿਚੋਂ ਪ੍ਰਮੁੱਖ ਹਨ-ਸਿਹਤ ਬੀਮਾ ਯੋਜਨਾ ਅਤੇ ਦਿਵਿਆਂਗ ਵਿਅਕਤੀਆਂ ਦੇ ਪਛਾਣ ਪੱਤਰ।         
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ’ਚ ਸ੍ਰੀਮਤੀ ਪੂਨਮਦੀਪ ਕੌਰ ਨੇ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡਜ਼ ਤੇ ਐਨਸੀਸੀ ਕੈਡਿਟਾਂ ਦੀਆਂ ਟੁਕੜੀਆਂ ਵੱਲੋਂ ਡੀਐੱਸਪੀ (ਡੀ) ਮਾਨਵਜੀਤ ਸਿੰੰਘ ਪੀਪੀਐੱਸ ਦੀ ਅਗਵਾਈ ਹੇਠ ਕੱਢੇ ਮਾਰਚ ਪਾਸਟ ਤੋਂ ਸਲਾਮੀ ਲਈ ਤੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ, ਜਿਸ ਮਗਰੋਂ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਤੇ ਮਸ਼ੀਨਾਂ ਦੀ ਵੰਡ ਕੀਤੀ ਗਈ। ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵੱਲੋਂ ਪੀਟੀ ਸ਼ੋਅ ਤੇ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਦਫਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਿਵਲ ਸਰਜਨ ਦਫਤਰ, ਪਸ਼ੂ ਪਾਲਣ ਵਿਭਾਗ, ਜੰਗਲਾਤ ਵਿਭਾਗ, ਪੁਲੀਸ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਜ਼ਿਲ੍ਹ੍ਹਾ ਪ੍ਰੋਗਰਾਮ ਦਫਤਰ, ਪੀਐੱਸਪੀਸੀਐਲ ਤੇ ਖੇਡ ਵਿਭਾਗ ਵੱਲੋਂ ਝਾਕੀਆਂ ਕੱਢੀਆਂ ਗਈਆਂ, ਜਿਨ੍ਹਾਂ ’ਚੋਂ ਪੀਐੱਸਪੀਸੀਐਲ ਦੀ ਝਾਕੀ ਨੂੰ ਪਹਿਲਾ, ਖੇਡ ਵਿਭਾਗ ਨੂੰ ਦੂਜਾ ਤੇ ਜੰਗਲਾਤ ਵਿਭਾਗ ਨੂੰ ਤੀਜਾ ਇਨਾਮ ਮਿਲਿਆ। ਇਸ ਮਗਰੋਂ ਵੱਖ ਵੱਖ ਖੇਤਰਾਂ ’ਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਮੁੱਖ ਮਹਿਮਾਨ ਵੱਲੋਂ ਸਨਮਾਨ ਕੀਤਾ ਗਿਆ। 
    ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਲਾਭ ਸਿੰਘ ਉਗੋਕੇ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਬੀਬੀਐੱਸ ਤੇਜੀ ਤੇ ਐੱਸਐੱਸਪੀ ਸ੍ਰੀ ਸੰਦੀਪ ਕੁਮਾਰ ਮਲਿਕ ਦਾ ਸਨਮਾਨ ਕੀਤਾ ਗਿਆ।
 ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸੈਸ਼ਨ ਜੱਜ ਸ੍ਰੀ ਦਵਿੰਦਰ ਕੁਮਾਰ ਗੁਪਤਾ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਸ੍ਰੀ ਅਮਿਤ ਥਿੰਦ, ਸਿਵਲ ਜੱਜ ਸੀਨੀਅਰ ਡਿਵੀਜ਼ਨ ਸ੍ਰੀ ਕਪਿਲ ਦੇਵ ਸਿੰਗਲਾ, ਸੀਜੇਐਮ ਸ. ਗੁਰਵੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪਰਮਵੀਰ ਸਿੰਘ,  ਵਧੀਕ ਡਿਪਟੀ ਕਮਿਸ਼ਨਰ (ਜ) ਲਵਜੀਤ ਕਲਸੀ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨਿਯੁਕਤ ਗੁਰਦੀਪ ਸਿੰਘ ਬਾਠ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਿਯੁਕਤ ਰਾਮ ਤੀਰਥ ਮੰਨਾ ਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਹਾਜ਼ਰ ਸਨ।
ਸਵੈ ਸਹਾਇਤਾ ਗਰੁੱਪਾਂ ਵੱੱਲੋਂ ਵਿਸ਼ੇਸ਼ ਕਿੱਟਾਂ ਤਿਆਰ
  ਜਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਜ਼ਿਲ੍ਹੇ ਦੇ ਸੈਲਫ ਹੈਲਪ ਗਰੁੱਪਾਂ ਨੂੰ ਉਤਸ਼ਾਹਿਤ ਕਰਨ ਲਈ ਨਿਵੇਕਲਾ ਉਪਰਾਲਾ ਕੀਤਾ ਗਿਆ। ਸੈਲਫ ਹੈਲਪ ਗਰੁੱਪਾਂ ਦੇ ਜੈਵਿਕ ਉਤਪਾਦਾਂ ਜਿਵੇਂ ਸ਼ਹਿਦ, ਮੁਰੱਬੇ, ਆਚਾਰ, ਪੰਜੀਰੀ ਆਦਿ ਸਾਮਾਨ ਦੀਆਂ ਤਿਆਰ ਕਿੱੱਟਾਂ ਸਮਾਗਮ ’ਚ ਮਹਿਮਾਨਾਂ ਨੂੰ ਦਿੱਤੀਆਂ ਗਈਆਂ ਤਾਂ ਜੋ ਸਥਾਨਕ ਉਤਪਾਦਾਂ ਨੂੰ ਹੁਲਾਰਾ ਦਿੱਤਾ ਜਾ ਸਕੇ।

Spread the love
Scroll to Top