ਜ਼ਿਲ੍ਹੇ ਅੰਦਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ-ਸਾਕਸ਼ੀ ਸਾਹਨੀ
ਪਟਿਆਲਾ 24 ਅਗਸਤ (ਰਿਚਾ ਨਾਗਪਾਲ)
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਪਟਿਆਲਾ ਜ਼ਿਲ੍ਹੇ ‘ਚ ਕੌਮੀ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਮੁਚੀ ਟੀਮ ਪਟਿਆਲਾ ਨਿਯਮਤ ਤੌਰ ‘ਤੇ ਕੰਮ ਕਰ ਰਹੀ ਹੈ। ਅੱਜ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 12 ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਅਦਾਰਿਆਂ ਅਤੇ ਸਬੰਧਤ ਵਿਭਾਗਾਂ ਨੂੰ ਐਨ.ਜੀ.ਟੀ. ਦੇ ਆਦੇਸ਼ਾਂ ‘ਤੇ ਤਿਆਰ ਕੀਤੇ ਜ਼ਿਲ੍ਹਾ ਵਾਤਾਵਰਣ ਪਲਾਨ ਦੇ ਅਨੁਸਾਰ ਜ਼ਿਲ੍ਹੇ ਅੰਦਰ ਤਰਲ ਅਤੇ ਠੋਸ ਕੂੜਾ ਪ੍ਰਬੰਧਨ ਨੂੰ ਨਿਰਧਾਰਿਤ ਸਮੇਂ ਵਿੱਚ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਇੱਕ ਵਰਤੋਂ ‘ਚ ਆਉਣ ਵਾਲੀਆਂ ਪਲਾਸਟਿਕ ਦੀਆਂ ਵਸਤਾਂ ‘ਤੇ ਲੱਗੀ ਪਾਬੰਦੀ ਨੂੰ ਜ਼ਿਲ੍ਹੇ ਅੰਦਰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕਰਦਿਆਂ ਨਗਰ ਨਿਗਮ ਸਮੇਤ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਇਸ ਬਾਬਤ ਪ੍ਰਚਾਰ ਮੁਹਿੰਮ ਵਿੱਢਣ ਸਮੇਤ ਆਮ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਮੁਹਿੰਮ ‘ਚ ਨਾਲ ਜੋੜਨ ਲਈ ਵੀ ਆਖਿਆ। ਸਾਕਸ਼ੀ ਸਾਹਨੀ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣਾ ਅਤੇ ਇਸ ਦੀ ਸੰਭਾਂਲ ਕਰਨਾ ਸਭ ਦਾ ਸਾਂਝਾ ਫਰਜ਼ ਹੈ। ਉਨ੍ਹਾਂ ਨੇ ਪੁਲਿਸ ਨੂੰ ਪ੍ਰੈਸ਼ਰ ਹਾਰਨਾਂ ਵਾਲੇ ਵਾਹਨਾਂ ਵਿਰੁੱਧ ਸਖ਼ਤੀ ਕਰਨ ਸਮੇਤ ਧੂੰਆਂ ਤੇ ਸ਼ੋਰ ਪ੍ਰਦੂਸ਼ਣ ਨੂੰ ਨਜਿੱਠਣ ਲਈ ਵੀ ਕਿਹਾ।ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਨਵਤੇਸ ਸਿੰਗਲਾ ਨੇ ਮੀਟਿੰਗ ਦੀ ਕਾਰਵਾਈ ਚਲਾਈ। ਇਸ ਮੌਕੇ ਏ.ਡੀ.ਸੀਜ਼ (ਜਨਰਲ ਤੇ ਦਿਹਾਤੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਘਲ, ਸਮੂਹ ਐਸ.ਡੀ.ਐਮਜ਼, ਡੀ.ਐਫ.ਓ. ਵਿੱਦਿਆ ਸਾਗਰੀ, ਜੁਆਇੰਟ ਕਮਿਸ਼ਨਰ ਨਮਨ ਮੜਕਨ, ਡੀ.ਡੀ.ਪੀ.ਓ. ਸੁਖਚੈਨ ਸਿੰਘ ਪਾਪੜਾ, ਨਗਰ ਕੌਂਸਲਾਂ ਤੋਂ ਈ.ਓਜ਼. ਅਤੇ ਹੋਰ ਅਦਾਰਿਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
Pingback: ਜ਼ਿਲ੍ਹੇ ਅੰਦਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ-ਸਾਕਸ਼ੀ ਸਾਹਨੀ