Skip to content
ਐਨਐਚਐਮ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਰੈਲੀ ਲਈ ਲਾਮਬੰਦੀ
ਰੈਗੂਲਰ ਕਰਨ ਦੀ ਮੰਗ ਲਈ ਸੋਮਵਾਰ ਨੂੰ ਮੁੱਖ ਮੰਤਰੀ ਦੇ ਹਲਕੇ ਵਿੱਚ ਜਾਣਗੇ ਸਿਹਤ ਮੁਲਾਜ਼ਮਰਘਬੀਰ ਹੈਪੀ ,ਬਰਨਾਲਾ, 24 ਸਤੰਬਰ 2022
ਪੰਜਾਬ ਸਰਕਾਰ ਵੱਲੋਂ ਐਨਐਚਐਮ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਨਾ ਕਰਨ ਤੋਂ ਅੱਕੇ ਕੌਮੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਵੱਲੋਂ ਹੁਣ ਪੰਜਾਬ ਸਰਕਾਰ ਨੂੰ ਘੇਰਨ ਲਈ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ । ਇਸ ਦੀ ਤਿਆਰੀ ਲਈ ਅੱਜ ਜਿਲ੍ਹਾ ਬਰਨਾਲਾ ਵਿੱਚ ਲਾਮਬੰਦੀ ਕੀਤੀ ਗਈ ਹੈ ।26 ਸਤੰਬਰ ਨੂੰ ਸੰਗਰੂਰ ਜਾ ਰਹੇ ਕੱਚੇ ਸਿਹਤ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ਼ਤਿਹਾਰਾਂ ਵਿੱਚ ਤਾਂ ਕੱਚੇ ਕਾਮੇ ਪੱਕੇ ਕਰਨ ਦੀਆਂ ਟਾਹਰਾਂ ਮਾਰ ਰਹੀ ਹੈ ਜਦਕਿ ਹਕੀਕਤ ਵਿੱਚ ‘ਆਪ’ ਸਰਕਾਰ ਨੇ ਅਜੇ ਤੱਕ ਉਹਨਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਤੱਕ ਸ਼ੁਰੂ ਨਹੀਂ ਕੀਤੀ ਹੈ।
ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਐਨਐਚਐਮ ਅਧੀਨ ਕੰਮ ਕਰਦੇ ਮੁਲਾਜਮਾਂ ਨੇ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਨਿਗੂਣੀਆਂ ਤਣਖਾਹਾਂ ਤਹਿਤ ਕੰਮ ਕਰ ਰਹੇ ਹਨ ਤੇ ਪਿਛਲੇ ਸਮੇਂ ਹਰ ਸਰਕਾਰ ਨੇ ਉਹਨਾਂ ਨਾਲ ਧੋਖਾ ਕੀਤਾ ਹੈ । ਉਹਨਾਂ ਨੂੰ ਆਮ ਆਦਮੀ ਪਾਰਟੀ ਤੋਂ ਉਮੀਦ ਸੀ ਪਰ ਇਹ ਪਾਰਟੀ ਨੇ ਵੀ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰ ਵਾਂਗ ਸਿਰਫ ਇਸ਼ਤਿਹਾਰਾਂ ਵਿੱਚ ਕੱਚੇ ਕਾਮੇ ਪੱਕੇ ਕੀਤੇ ਹਨ।
ਅੱਜ ਜਿਲ੍ਹਾ ਬਰਨਾਲਾ ਵਿੱਚ ਮੁਲਾਜ਼ਮਾਂ ਨੂੰ ਲਾਮਬੰਦ ਕਰਨ ਮੌਕੇ ਸੰਬੋਧਨ ਕਰਦਿਆਂ ਐਨਐਚਐਮ ਇੰਪਲਾਈਜ਼ ਯੂਨੀਅਨ ਦੇ ਆਗੂ ਕਮਲਜੀਤ ਕੌਰ ਪੱਤੀ,ਅਰੁਣ ਕੁਮਾਰ, ਸਿੰਘ ਆਦਿ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਐਨਐਚਐਮ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਨਣ ‘ਤੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਸਮੂਹ ਐਨਐਚਐਮ ਮੁਲਾਜ਼ਮਾਂ ਨੂੰ ਪਹਿਲ ਦੇ ਅਧਾਰ ‘ਤੇ ਰੈਗੂਲਰ ਕੀਤਾ ਜਾਵੇਗਾ। ਪ੍ਰੰਤੂ ਹੁਣ ਅਜਿਹਾ ਕੁੱਝ ਨਹੀਂ ਹੈ ਜਿਸ ਕਾਰਨ ਉਹ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਜਾ ਰਹੇ ਹਨ।
ਉਨ੍ਹਾਂ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਦੀ ਪਿਕਟਸ ਸੁਸਾਇਟੀ ਵਾਂਗ ਸਟੇਟ ਹੈਲਥ ਸੁਸਾਇਟੀ ਰਾਹੀਂ ਰੈਗੂਲਰ ਕੀਤਾ ਜਾਵੇ।ਇਸ ਮੋਕੇ ਹਾਜਰ ਸਾਥੀਆਂ ਲਖਵੰਤ ਸਿੰਘ,ਰਾਕੇਸ਼ ਕੁਮਾਰ, ਜਸਵਿੰਦਰ ਸਿੰਘ, ਜੋਤੀ, ਸਰਬ ਜੀਤ ਕੌਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਐਨਐਚਐਮ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ ਤਾਂ ਉਹ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕਰਨਗੇ।