ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਹੋਵੇਗੀ

Spread the love

ਪੀਟੀ ਨਿਊਜ਼/ ਫ਼ਤਹਿਗੜ੍ਹ ਸਾਹਿਬ, 02 ਨਵੰਬਰ 2022

   ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਇਸ ਸਾਲ 26 ਦਸੰਬਰ ਤੋਂ 28 ਦਸੰਬਰ ਤੱਕ ਸ਼ਹੀਦੀ ਸਭਾ ਦਾ ਆਯੋਜਨ ਕੀਤਾ ਜਾਵੇਗਾ। ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧਾਂ ਸਬੰਧੀ ਬੱਚਤ ਭਵਨ ਵਿਖੇ ਕੀਤੀ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਅਸੀਂ ਸਾਰੇ ਭਾਗਸ਼ਾਲੀ ਹਾਂ ਜੋ ਸਾਨੂੰ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਡਿਊਟੀ ਨਿਭਾਉਣ ਦਾ ਮੌਕਾ ਮਿਲਿਆ। ਇਸ ਨੂੰ ਸੇਵਾ ਵਾਂਗ ਲੈ ਕੇ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ ਜਾਵੇ।

  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ 300 ਆਰਜੀ ਪਖਾਨੇ ਬਣਾਏ ਜਾਣਗੇ ਅਤੇ ਬਜੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜ਼ਨਾਂ ਲਈ 25 ਮਿੰਨੀ ਬੱਸਾਂ ਤੋਂ ਇਲਾਵਾ ਈ. ਰਿਕਸ਼ਾ ਵੀ ਚਲਾਏ ਜਾਣਗੇ। ਇਸ ਤੋਂ ਇਲਾਵਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਸਥਾਨਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਅਨੁਸਾਰ ਆਰਜੀ ਪਾਰਕਿੰਗ ਸਥਾਪਤ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋੜੀਂਦੀਆਂ ਐਂਬੂਲੈਸ, ਡਿਸਪੈਂਸਰੀਆਂ ਅਤੇ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਸੰਗਤਾਂ ਨੂੰ ਸਿਹਤ ਪੱਖੋਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ 6 ਪੁੱਛਗਿੱਛ ਕੇਂਦਰ ਵੀ ਸਥਾਪਤ ਕੀਤੇ ਜਾਣਗੇ ਇਨ੍ਹਾਂ ਕੇਂਦਰਾਂ ਤੇ 24 ਘੰਟੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ।

     ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਸ਼ਹੀਦੀ ਸਭਾ ਤੋਂ ਪਹਿਲਾਂ ਇਨ੍ਹਾਂ ਸੜਕਾਂ ਦਾ ਕੰਮ ਮੁਕੰਮਲ ਹੋ ਸਕੇ। ਉਨ੍ਹਾਂ ਕਾਰਜ ਸਾਧਕ ਅਫਸਰ ਨਗਰ ਕੌਂਸਲ ਸਰਹਿੰਦ ਨੂੰ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਇਲਾਕੇ ਦੇ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਲੋੜ ਅਨੁਸਾਰ ਮੱਛਰ ਮਾਰਨ ਵਾਲੀ ਦਵਾਈ ਦਾ ਸਪਰੇਅ ਵੀ ਕਰਵਾਇਆ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸ਼ਹੀਦੀ ਸਭਾ ਤੋਂ ਪਹਿਲਾਂ-ਪਹਿਲਾਂ ਸਾਰੀਆਂ ਡਰੇਨਾਂ ਦੀ ਸਾਫ ਸਫਾਈ ਦਾ ਕੰਮ ਮੁਕੰਮਲ ਕੀਤਾ ਜਾਵੇ।

       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਵਿਕਾਸ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਆਮ ਖਾਸ ਬਾਗ ਵਿਖੇ ਇਤਿਹਾਸਕ ਨਾਟਕ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਹੀ ਕੀਰਤਨ ਦਾ ਪ੍ਰਸਾਰਨ ਹੋਵੇਗਾ। ਜਦੋਂ ਕਿ ਲੰਗਰਾਂ ਵਿੱਚ ਉਚੀ ਆਵਾਜ਼ ਚ ਸਪੀਕਰ ਚਲਾਉਣ ਤੇ ਮਨਾਹੀਂ ਹੋਵੇਗੀ। ਉਨ੍ਹਾਂ ਹੋਰ ਦੱਸਿਆ ਕਿ ਸ਼ਹੀਦੀ ਸਭਾ ਦੇ ਅੰਤਿਮ ਦਿਨ ਨਗਰ ਕੀਰਤਨ ਵਾਲੇ ਦਿਨ 28 ਦਸੰਬਰ ਨੂੰ ਸਥਾਨਕ ਛੁੱਟੀ ਹੋਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹੀਦੀ ਸਭਾ ਦੀ ਮਹੱਤਤਾ ਨੂੰ ਵੇਖਦੇ ਹੋਏ ਦਸੰਬਰ ਮਹੀਨੇ ਵਿੱਚ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਛੁੱਟੀ ਨਹੀਂ ਲਵੇਗਾ ਅਤੇ ਜੇਕਰ ਕੋਈ ਐੇਮਰਜੰਸੀ ਹੋਵੇਗੀ ਤਾਂ ਡਿਪਟੀ ਕਮਿਸ਼ਨਰ ਤੋਂ ਪ੍ਰਵਾਨ ਕਰਕੇ ਹੀ ਸਟੇਸ਼ਨ ਛੱਡਿਆ ਜਾ ਸਕਦਾ ਹੈ।

               ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ ਅਤੇ ਸ਼ਰਾਰਤੀ ਅਨਸਰਾਂ ਤੇ ਤਿੱਖੀ ਨਜ਼ਰ ਰੱਖਣ ਲਈ ਹੋਰ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਵਾਜਾਈ ਦੇ ਬਦਲਵੇਂ ਰੂਟਾਂ ਦਾ ਪ੍ਰਬੰਧ ਕੀਤਾ ਜਾਵੇਗਾ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ, ਐਸ.ਪੀ. (ਐਚ) ਰਮਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਿਨੇਸ਼ ਵਸ਼ਸ਼ਿਟ, ਸਹਾਇਕ ਕਮਿਸ਼ਨਰ (ਜਨਰਲ) ਅਸ਼ੋਕ ਕੁਮਾਰ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਖਮਾਣੋਂ ਪਰਲੀਨ ਕਾਲੇਕਾ, ਐਸ.ਡੀ.ਐਮ. ਅਮਲੋਹ ਗੁਰਵਿੰਦਰ ਸਿੰਘ ਜੋਹਲ, ਡੀ.ਐਸ.ਪੀ. ਮਨਦੀਪ ਕੌਰ, ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।


Spread the love
Scroll to Top