DC ਬਰਨਾਲਾ ਦੀ ਪਹਿਲਕਦਮੀ ਨੂੰ CM ਭਗਵੰਤ ਮਾਨ ਨੇ ਸਰਾਹਿਆ

Spread the love

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਜਾਰੀ

ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਾਸਤੇ ਨਿਵੇਕਲੀ ਪਹਿਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੀ ਸ਼ਲਾਘਾ

ਹੋਰ ਡਿਪਟੀ ਕਮਿਸ਼ਨਰਾਂ ਨੂੰ ਵੀ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਅਜਿਹਾ ਵਿਲੱਖਣ ਉਪਰਾਲਾ ਕਰਨ ਲਈ ਆਖਿਆ


ਅਨੁਭਵ ਦੂਬੇ , ਚੰਡੀਗੜ੍ਹ, 25 ਅਪ੍ਰੈਲ 2023
    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਨੂੰ ਜਾਰੀ ਕੀਤਾ। ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਯਤਨਾਂ ਸਦਕਾ ਤਿਆਰ ਕੀਤੀ ਗਈ , ਇਸ ਪੁਸਤਕ ਨੂੰ ਰਿਲੀਜ਼ ਕਰਦਿਆਂ ਮੁੱਖ ਮੰਤਰੀ ਨੇ ਇਸ ਕਿਤਾਬ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਨਿਵੇਕਲਾ ਉਪਰਾਲਾ ਦੱਸਦਿਆਂ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੁਸਤਕ ‘ਪਹੁੰਚ’ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਤੇ ਉਪਰਾਲਿਆਂ ਤੋਂ ਜਾਣੂੰ ਕਰਵਾਉਣ ਵਿਚ ਕਾਫੀ ਸਹਾਈ ਸਿੱਧ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪੁਸਤਕ ਪੰਜਾਬ ਸਰਕਾਰ ਦੇ 44 ਵਿਭਾਗਾਂ ਦੀਆਂ 285 ਸਕੀਮਾਂ ਉਚੇ ਚਾਨਣਾ ਪਾਉਂਦੀ ਹੈ, ਜਿਨ੍ਹਾਂ ਦਾ ਆਮ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ।
    ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਪੁਸਤਕ ਸੇਵਾ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਵਾਲੀਆਂ 400 ਸਕੀਮਾਂ ਬਾਰੇ ਵੀ ਜਾਣੂੰ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਕਿਤਾਬਾਂ ਮੁਫ਼ਤ ਵੰਡੀਆਂ ਜਾਣਗੀਆਂ। ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਇਸ ਨਿਵੇਕਲੀ ਪਹਿਲਕਦਮੀ ਦੀ ਸ਼ਲਾਘਾ ਕੀਤੀ।                                             
     ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਵੀ ਅਜਿਹੀ ਵਿਲੱਖਣ ਪਹਿਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬਾ ਸਰਕਾਰ ਦੀਆਂ ਨਾਗਰਿਕ ਕੇਂਦਰਿਤ ਤੇ ਵਿਕਾਸ ਮੁਖੀ ਨੀਤੀਆਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਦੇ ਕੰਮਕਾਜ ਵਿੱਚ ਸਰਗਰਮ ਹਿੱਸੇਦਾਰ ਬਣਾਉਣ ਲਈ ਅਜਿਹੇ ਉਪਰਾਲੇ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਸਮੇਤ ਹੋਰ ਵੀ ਹਾਜ਼ਰ ਸਨ।

Spread the love
Scroll to Top