ਲੋਕਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਭਗਵੰਤ ਮਾਨ ਸਰਕਾਰ

Spread the love

ਰਿਚਾ ਨਾਗਪਾਲ, ਪਟਿਆਲਾ, 20 ਅਗਸਤ 2023


     ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ-ਪਟਿਆਲਾ ਰੋਡ ‘ਤੇ ਪੈਂਦੇ ਪਿੰਡ ਪਸਿਆਣਾ ਵਿਖੇ ਬੱਸ ਅੱਡੇ ਸਮੇਤ ਪਿੰਡ ਵਿੱਚ ਬਣਾਏ ਗਏ ਕਮਿਉਨਿਟੀ ਹਾਲ ਦੇ ਸ਼ੈਡ ਦਾ ਉਦਘਾਟਨ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।                                                     
   ਕੈਬਨਿਟ ਮੰਤਰੀ ਨੇ ਦੱਸਿਆ ਕਿ ਪਟਿਆਲਾ ਵਿਖੇ ਨਵਾਂ ਬੱਸ ਅੱਡਾ ਬਨਣ ਨਾਲ ਪਸਿਆਣਾ ਵਿਖੇ ਵੱਡੀ ਗਿਣਤੀ ਵਿੱਚ ਸਵਾਰੀਆਂ ਬੱਸਾਂ ਵਿੱਚੋਂ ਉਤਰਕੇ ਅੱਗੇ ਜਾਣ ਲਈ ਬੱਸਾਂ ਤੇ ਹੋਰ ਵਾਹਨਾਂ ਦੀ ਉਡੀਕ ਕਰਦੀਆਂ ਹਨ, ਜਿਨ੍ਹਾਂ ਦੀ ਸਹੂਲਤ ਲਈ ਪਸਿਆਣਾ ਵਿਖੇ ਨਵਾਂ ਬੱਸ ਅੱਡ ਬਣਾਇਆ ਗਿਆ ਹੈ। ਇੱਥੇ ਸਵਾਰੀਆਂ ਦੇ ਬੈਠਣ ਲਈ ਬੈਂਚ ਅਤੇ ਛਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਬਾਗਬਾਨੀ, ਸੁਤੰਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਹੜ੍ਹਾਂ ਵਰਗੀ ਕੁਦਰਤੀ ਆਫ਼ਤ ਮੌਕੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਸਾਰੇ ਮੰਤਰੀ, ਵਿਧਾਇਕ ਅਤੇ ਪੰਜਾਬ ਸਰਕਾਰ ਤੁਰੰਤ ਲੋਕਾਂ ਵਿੱਚ ਜਾਕੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁਟੀ ਹੋਵੇ।                                               
    ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਹੜ੍ਹਾਂ ਦੇ ਨੁਕਸਾਨ ਦੀ ਗਿਰਦਾਵਰੀ ਹੋ ਚੁੱਕੀ ਹੈ ਅਤੇ ਮੁੱਖ ਮੰਤਰੀ ਖ਼ੁਦ ਲੋਕਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇਣ ਦੀ ਸ਼ੁਰੂਆਤ ਕਰ ਚੁੱਕੇ ਹਨ ਅਤੇ ਸਾਰੇ ਪੀੜਤਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਕਟ ਮੌਕੇ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ।                         
ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਪਿੰਡਾਂ ਤੇ ਸਮਾਣਾ ਵਿਖੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਫੰਡ ਬੇਰੋਕ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਆਪਣੇ ਹਲਕੇ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੰਗਾਂ ਸੁਣਕੇ ਤੇ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ।
    ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰੀਕ ਸਿੰਘ, ਸੁਖਚੈਨ ਸਿੰਘ, ਜਸਵੰਤ ਸਿੰਘ, ਗਗਨਦੀਪ ਸਿੰਘ, ਦੀਪਕ ਵਧਵਾ, ਅਮਰਦੀਪ ਸਿੰਘ ਸੋਨੂ ਥਿੰਦ ਸਮੇਤ ਪਸਿਆਣਾ ਦੇ ਪਿੰਡ ਵਾਸੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।


Spread the love
Scroll to Top