ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Spread the love

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 23 ਅਗਸਤ 2023 


     ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੇ ਬਲਾਕ, ਜ਼ਿਲ੍ਹਾ ਤੇ ਸਟੇਟ ਪੱਧਰ ਦੇ ਮੁਕਾਬਲੇ ਜਾ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਨੇ ਤਿਆਰੀਆਂ ਮੁਕਮੰਲ ਕਰਨ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਕਿ ਕਿਸੇ ਵੀ ਖਿਡਾਰੀ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ, ਐਸ.ਡੀ.ਐਮ. ਫ਼ਿਰੋਜ਼ਪੁਰ ਸ. ਸੁਖਮੰਦਰ ਸਿੰਘ, ਐਸ.ਡੀ.ਐਮ ਜ਼ੀਰਾ ਸ. ਗਗਨਦੀਪ ਸਿੰਘ ਅਤੇ ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੀ ਹਾਜ਼ਰ ਸਨ।                                                                                   

            ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ‘ ਸੀਜ਼ਨ-2 ਨੂੰ ਸਫ਼ਲ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਕਿਸੇ ਵੀ ਖਿਡਾਰੀ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਖਾਣ-ਪੀਣ, ਦਰਸ਼ਕਾਂ ਦੀ ਆਮਦ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ, ਪਖਾਨੇ ਅਤੇ ਹੋਰ ਸਾਰੇ ਹੀ ਲੋੜੀਂਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਵਿਖੇ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ 2023’ ਬਲਾਕ ਪੱਧਰ, ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ ਤੇ ਕਰਵਾਈਆਂ ਜਾ ਰਹੀਆਂ ਹਨ। ਜਿਸ ਅਧੀਨ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐਥਲੇਟਿਕਸ, ਫੁੱਟਬਾਲ, ਕਬੱਡੀ(ਸਸ), ਕਬੱਡੀ(ਨਸ), ਖੋਹ-ਖੋਹ, ਰੱਸਾ-ਕੱਸੀ, ਵਾਲੀਬਾਲ(ਸਮੈਸ਼ਿੰਗ) ਅਤੇ ਵਾਲੀਬਾਲ (ਸ਼ੂਟਿੰਗ) ਖੇਡਾਂ ਵਿਚ ਅੰਡਰ 14, 17, 21, 21-30, 31-40, 41-55, 56-65 ਅਤੇ 65 ਸਾਲ ਤੋਂ ਉੱਪਰ ਉਮਰ ਗਰੁੱਪਾਂ ਵਿੱਚ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿੱਚ 2 ਸਤੰਬਰ ਤੋਂ 13 ਸਤੰਬਰ 2023 ਤੱਕ ਬਲਾਕ ਪੱਧਰ ਦੀਆਂ ਖੇਡਾਂ ਕਰਵਾਈਆਂ ਜਾਣੀਆਂ ਹਨ। ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ www.khedanwatanpunjabdia.com ਪੋਰਟਲ ‘ਤੇ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਤੇ ਪੂਰੀ ਮਿਹਨਤ ਕਰਦਿਆਂ ਪੰਜਾਬ ਦਾ ਸੁਨਹਿਰੀ ਭਵਿੱਖ ਸਿਰਜਣ ਵਿਚ ਯੋਗਦਾਨ ਪਾਉਣ।

          ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਵੰਤ ਸਿੰਘ ਬੜੈਚ, ਐਸ.ਪੀ. (ਐਚ) ਸੋਹਨ ਲਾਲ ਸੋਨੀ, ਜ਼ਿਲ੍ਹਾ ਖੇਡ ਅਫ਼ਸਰ ਬਲਵਿੰਦਰ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਗਟ ਸਿੰਘ ਬਰਾੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


Spread the love
Scroll to Top