ਜੇਐਨਯੂ ਦਿੱਲੀ ਦੀ ਪ੍ਰੋਫੈਸਰ ਤੇ ਜਮਹੂਰੀ ਹੱਕਾਂ ਦੀ ਉੱਘੀ ਕਾਰਕੁੰਨ ਡਾਕਟਰ ਨਵਸ਼ਰਨ ਕਰਨਗੇ ਸੰਬੋਧਨ
-ਬਰਨਾਲਾ,
ਜਮਹੂਰੀ ਅਧਿਕਾਰ ਸਭਾ ਪੰਜਾਬ ਨਾਗਰਿਕਤਾ ਸੋਧ ਕਾਨੂੰਨ ਵਿਰੋਧੀ ਲੋਕ ਲਹਿਰ ਅਤੇ ਹਾਲੀਆ ਦਿੱਲੀ ਹਿੰਸਾ ਬਾਰੇ ਇੱਕ ਸੂਬਾਈ ਕਨਵੈਨਸ਼ਨ 22 ਮਾਰਚ ਦਿਨ ਐਤਵਾਰ ਨੂੰ ਸਵੇਰੇ 10.30 ਵਜੇ ਬਰਨਾਲਾ ਦੇ ਤਰਕਸ਼ੀਲ ਭਵਨ ਵਿੱਚ ਕਰਵਾ ਰਹੀ ਹੈ. ਜਿਸ ਨੂੰ ਜੇਐਨਯੂ ਦਿੱਲੀ ਦੀ ਪ੍ਰੋਫੈਸਰ ਤੇ ਜਮਹੂਰੀ ਹੱਕਾਂ ਦੀ ਉਘੀ ਕਾਰਕੁੰਨ ਡਾਕਟਰ ਨਵਸ਼ਰਨ ਸੰਬੋਧਨ ਕਰਨਗੇ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਭਾ ਦੇ ਸੂਬਾ ਪ੍ਰਧਾਨ ਪ੍ਰੋ: ਏ.ਕੇ ਮਲੇਰੀ, ਜਨਰਲ ਸਕੱਤਰ ਪ੍ਰੋ: ਜਗਮੋਹਨ ਸਿੰਘ ਅਤੇ ਜਥੇਬੰਦਕ ਸਕੱਤਰ ਨਰਭਿੰਦਰ ਨੇ ਕਿਹਾ ਕਿ ਇਸ ਮੌਕੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਦੇ ਟਰੱਸਟੀ ਡਾਕਟਰ ਪ੍ਰਮਿੰਦਰ ਵੀ ਜਮਹੂਰੀ ਹੱਕਾਂ ਦੇ ਕਾਰਕੁਨਾਂ ਸਨਮੁੱਖ ਕਾਰਜ ਤੇ ਚੁਣੌਤੀਆਂ ਬਾਰੇ ਆਪਣੇ ਵਿਚਾਰ ਰੱਖਣਗੇ। ਸਭਾ ਦੇ ਆਗੂਆਂ ਨੇ ਕਿਹਾ ਕਿ ਫਾਸ਼ੀਵਾਦੀ ਤਾਕਤਾਂ ਨੇ ਲੋਕਾਂ ਦੇ ਜਮਹੂਰੀ ਹੱਕਾਂ ਉਪਰ ਹਮਲੇ ਇਕਦਮ ਤੇਜ਼ ਕਰ ਦਿੱਤੇ ਹਨ ਅਤੇ ਨਾਗਰਿਕਤਾ ਸੋਧ ਕਾਨੂੰਨ ਵਿਰੋਧੀ ਲੋਕ ਲਹਿਰ ਨੂੰ ਦਬਾਉਣ ਲਈ ਹਾਲ ਵਿੱਚ ਹੀ ਦਿੱਲੀ ਵਿੱਚ ਵੱਡੇ ਪੱਧਰ ‘ਤੇ ਹਿੰਸਾ ਫੈਲਾਈ ਗਈ। ਨਾਗਰਿਕਤਾ ਦੇ ਅਧਿਕਾਰ ਨੂੰ ਧਰਮ ਨਾਲ ਜੋੜ੍ਹ ਕੇ ਮੁਲਕ ਦੇ ਧਰਮ ਨਿਰਪੱਖ ਖਾਸੇ ਨੂੰ ਲੀਰੋ-ਲੀਰ ਕੀਤਾ ਜਾ ਰਿਹਾ ਹੈ। ਨਾਗਰਿਕਤਾ ਸੋਧ ਕਾਨੂੰਨ(ਸੀਏਏ), ਕੌਮੀ ਆਬਾਦੀ ਰਜਿਸਟਰ(ਐਨਪੀਆਰ) ਅਤੇਨਾਗਰਿਕਾਂ ਦਾ ਕੌਮੀ ਰਜਿਸਟਰ (ਐਨਸੀਆਰ) ਰਾਹੀਂ ਸਰਕਾਰ ਲੋਕਾਂ ਵਿੱਚ ਵੰਡੀਆਂ ਪਾਉਣ ਅਤੇ ਉਨ੍ਹਾਂ ਦਾ ਧਿਆਨ ਅਸਲੀ ਮੁੱਦਿਆਂ ਤੋਂ ਭਟਕਾਉਣ ਦੀ ਚਾਲਾਂ ਚੱਲ ਰਹੀ ਹੈ। ਅਜਿਹੇ ਹਾਲਾਤਾਂ ਵਿੱਚ ਲੋਕਾਈ ਨੂੰ ਸਰਕਾਰ ਦੀਆਂ ਲੋਕ-ਵਿਰੋਧੀ ਚਾਲਾਂ ਪ੍ਰਤੀ ਸੁਚੇਤ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਹ ਕਨਵੈਨਸ਼ਨ ਇਸੇ ਆਸ਼ੇ ਤਹਿਤ ਕਰਵਾਈ ਜਾ ਰਹੀ ਹੈ। ਉਨ੍ਹਾਂ ਸਭ ਜਮਹੂਰੀਅਤ ਤੇ ਇਨਸਾਫ-ਪਸੰਦ ਲੋਕਾਂ ਤੇ ਜਥੇਬੰਦੀਆਂ ਨੂੰ ਇਸ ਕਨਵੈਨਸ਼ਨ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ।