BKU ਉਗਰਾਹਾਂ ਵੱਲੋਂ ਕੌਮਾਂਤਰੀ ਔਰਤ ਦਿਵਸ ਬਰਨਾਲਾ ਵਿਖੇ ਮਨਾਉਣ ਦਾ ਫੈਸਲਾ

Spread the love

ਸੋਨੀ ਪਨੇਸਰ , ਬਰਨਾਲਾ 28 ਫਰਵਰੀ2023

   ਤਰਕਸ਼ੀਲ ਭਵਨ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਸੂਬਾ ਕਮੇਟੀ ਮੀਟਿੰਗ ਵਿੱਚ 8 ਮਾਰਚ ਦਾ ਕੌਮਾਂਤਰੀ ਔਰਤ ਦਿਵਸ ਸੂਬਾ ਪੱਧਰ ‘ਤੇ ਬਰਨਾਲਾ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ 19 ਜ਼ਿਲ੍ਹਿਆਂ ਤੋਂ ਭਰਵੀਂ ਸ਼ਮੂਲੀਅਤ ਲਈ ਠੋਸ ਵਿਉਂਤਬੰਦੀ ਉਲੀਕੀ ਗਈ।                            ਉਸ ਦਿਨ ਆਉਣ ਵਾਲੀਆਂ ਹਜ਼ਾਰਾਂ ਔਰਤਾਂ ਨੂੰ ਕਿਸਾਨੀ ਸੰਘਰਸ਼ਾਂ ਵਿੱਚ ਔਰਤਾਂ ਦੇ ਫੈਸਲਾਕੁੰਨ ਰੋਲ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਜਾਵੇਗਾ। ਜਥੇਬੰਦੀ ਵੱਲੋਂ ਪ੍ਰਸਤਾਵਿਤ ਨਵੀਂ ਖੇਤੀ ਨੀਤੀ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ 20 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕੇਂਦਰ ਸਰਕਾਰ ਵਿਰੁੱਧ ਦਿੱਲੀ ਵਿਚ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿਚ ਔਰਤਾਂ ਦੀ ਸ਼ਮੂਲੀਅਤ ਦੀ ਵਿਉਂਤਬੰਦੀ ਵੀ ਉਲੀਕੀ ਜਾਵੇਗੀ।                                    ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਮਨਾਏ ਜਾਣ ਵਾਲੇ ਸ਼ਹੀਦੀ ਸਮਾਗਮ ਵਿੱਚ ਵੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਦੀ ਮਹੱਤਤਾ ਉੱਤੇ ਚਾਨਣ ਪਾਇਆ ਜਾਵੇਗਾ। ਮੀਟਿੰਗ ਵਿੱਚ ਸੂਬਾਈ ਆਗੂਆਂ ਸਰਵਸ਼੍ਰੀ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ ਅਤੇ ਜਗਤਾਰ ਸਿੰਘ ਕਾਲਾਝਾੜ ਤੋਂ ਇਲਾਵਾ ਔਰਤ ਆਗੂ ਹਰਿੰਦਰ ਕੌਰ ਬਿੰਦੂ, ਕਮਲਦੀਪ ਕੌਰ ਬਰਨਾਲਾ, ਅਮਨਦੀਪ ਕੌਰ ਬਾਰਨ ਸਮੇਤ ਸਮੂਹ ਜ਼ਿਲ੍ਹਿਆਂ ਦੇ ਪ੍ਰਧਾਨ/ ਜਨਰਲ ਸਕੱਤਰ ਜਾਂ ਮੂੱਖ ਆਗੂ ਹਾਜ਼ਰ ਸਨ।


Spread the love
Scroll to Top